ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਬਰਨਾਲਾ ਅੰਮ੍ਰਿਤਸਰ ਬਾਈਪਾਸ
Publish Date: Thu, 08 Jan 2026 03:55 PM (IST)
Updated Date: Fri, 09 Jan 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਬਰਨਾਲਾ ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਪਿੰਡ ਦੁਸਾਂਝ ਨੇੜੇ ਸਰਪੰਚ ਦੇ ਢਾਬੇ ਕੋਲ ਬੁੱਧਵਾਰ ਦੀ ਰਾਤ ਕਰੀਬ 12:30 ਵਜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇਕ ਨੌਜਵਾਨ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਟੱਕਰ ਮਾਰਨ ਉਪਰੰਤ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਬਿਨਾਂ ਦੇਰੀ ਕੀਤੇ ਮੌਕੇ ’ਤੇ ਪਹੁੰਚੇ। ਜ਼ਖ਼ਮੀ ਨੌਜਵਾਨ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਸੁਸਾਇਟੀ ਦੀ ਐਮਰਜੈਂਸੀ ਸੇਵਾ ਵਾਹਨ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ। ਹਸਪਤਾਲ ਵਿਚ ਡਿਊਟੀ ’ਤੇ ਮੌਜੂਦ ਡਾਕਟਰਾਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਨੌਜਵਾਨ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਰਾਤ ਦੇ ਸਮੇਂ ਅਕਸਰ ਇਸ ਬਾਈਪਾਸ ’ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਏ ਜਾਂਦੇ ਹਨ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸੜਕ ’ਤੇ ਸਪੀਡ ਕੰਟਰੋਲ, ਸਟਰੀਟ ਲਾਈਟਾਂ ਅਤੇ ਪੁਲਿਸ ਨਾਕੇ ਲਗਾਏ ਜਾਣ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਦੂਜੇ ਪਾਸੇ ਪੁਲਿਸ ਵੱਲੋਂ ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਣਪਛਾਤੇ ਵਾਹਨ ਦੀ ਭਾਲ ਲਈ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।