ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਉਤਸ਼ਾਹ : ਸਰਪੰਚ ਦੋਲੇਵਾਲਾ
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ
Publish Date: Sun, 15 Mar 2026 05:05 PM (IST)
Updated Date: Mon, 16 Mar 2026 04:07 AM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ: ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 21 ਮਾਰਚ ਨੂੰ ਧਰਮਕੋਟ ਦੌਰੇ ਨੂੰ ਲੈ ਕੇ ਇਲਾਕੇ ਦੇ ਪਿੰਡਾਂ ’ਚ ਖਾਸ ਕਰਕੇ ਯੂਥ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਲਾਕੇ ਦੇ ਨੌਜਵਾਨ ਅਤੇ ਵਸਨੀਕ ਇਸ ਦੌਰੇ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਵਿਚ ਜੁਟੇ ਹੋਏ ਹਨ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਬਸਤੀ ਬਾਬਾ ਤੁਲਸੀ ਦਾਸ ਦੋਲੇਵਾਲਾ ਦੇ ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੂੰ ਲਗਾਤਾਰ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਵੀ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਧਰਮਕੋਟ ਦੇ ਵਿਧਾਇਕ ਦਵਿਦਰਜੀਤ ਸਿੰਘ ਲਾਡੀ ਢੋਸ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਬਿਨ੍ਹਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡਾਂ ਵਿਚ ਸੜਕਾਂ ਦੀ ਮੁਰੰਮਤ, ਗਲੀਆਂ ਨਾਲੀਆਂ ਦੀ ਸੁਧਾਰ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਕਾਰਨ ਹਲਕੇ ਦੇ ਲੋਕਾਂ ਵਿਚ ਸੰਤੁਸ਼ਟੀ ਅਤੇ ਖ਼ੁਸ਼ੀ ਦਾ ਮਾਹੌਲ ਹੈ। ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਵੀ ਮਹੱਤਵਪੂਰਨ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਆਪਣੇ ਚੋਣ ਵਾਅਦੇ ਮੁਤਾਬਕ ਔਰਤਾਂ ਨੂੰ ਆਰਥਿਕ ਮਦਦ ਦੇਣ ਲਈ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਤਹਿਤ ਜਰਨਲ ਕੈਟੇਗਰੀ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐੱਸਸੀ ਕੈਟੇਗਰੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਸਹਾਇਤਾ ਦੇਣ ਦੀ ਗੱਲ ਕੀਤੀ ਗਈ ਹੈ। ਇਸ ਫੈਸਲੇ ਨਾਲ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ’ਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਯਤਨਾ ਸਦਕਾ ਧਰਮਕੋਟ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।