ਮੰਡੀਆਂ ’ਚ 393625 ਮੀਟਰਕ ਟਨ ਕਣਕ ਦੀ ਹੋਈ ਆਮਦ
ਜ਼ਿਲ੍ਹੇ ਦੀਆਂ ਮੰਡੀਆਂ ’ਚ 393625 ਮੀਟਰਕ ਟਨ ਕਣਕ ਦੀ ਹੋਈ ਆਮਦ- ਡਿਪਟੀ ਕਮਿਸ਼ਨਰ
Publish Date: Mon, 27 Apr 2026 03:48 PM (IST)
Updated Date: Tue, 28 Apr 2026 04:02 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਜ਼ਿਲ੍ਹੇ ਦੇ ਸਾਰੇ ਸਰਕਾਰੀ ਖਰੀਦ ਕੇਂਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵੱਲੋਂ ਕਣਕ ਦੀ ਲਗਾਤਾਰ ਖਰੀਦ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕੱਲ੍ਹ ਸ਼ਾਮ ਤੱਕ 393625 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ 374680 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 804 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਅਤੇ ਪਖ਼ਾਨਿਆਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਗਿਆ ਹੈ। ਉਨ੍ਹਾ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਸਵੇਰੇ 10.00 ਵਜੇ ਤੋਂ ਸ਼ਾਮ 07.00 ਵਜੇ ਤੱਕ ਹੀ ਕਰਨ ਤਾਂ ਜੋ ਕਣਕ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 393625 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 374680 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 112385 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 98232 ਮੀਟ੍ਰਿਕ ਟਨ, ਪਨਸਪ ਵੱਲੋਂ 85604 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 66334 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 12125 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ 133708 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਅਗਲੇ ਦਿਨਾਂ ਵਿੱਚ ਲਿਫਟਿੰਗ ਨੂੰ ਹੋਰ ਤੇਜ ਕੀਤਾ ਜਾਵੇਗਾ।