6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਡੀਸੀ ਮੋਗਾ ਨੂੰ ਦਿੱਤਾ ਮੰਗ ਪੱਤਰ
ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ
Publish Date: Tue, 05 May 2026 05:59 PM (IST)
Updated Date: Wed, 06 May 2026 04:08 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆ ਦਿਗਵਿਜੈਪਾਲ ਸ਼ਰਮਾ, ਯਾਦਵਿੰਦਰ ਸਿੰਘ, ਸੁਖਪਾਲਜੀਤ ਸਿੰਘ, ਬਰਿੰਦਰ ਸਿੰਘ, ਰਨਿਦਰ ਸਿੰਘ, ਸੁਖਚੈਨ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17 ਜੁਲਾਈ 20 ਤੋਂ ਬਾਅਦ ਭਰਤੀ ਜਥੇਬੰਦੀਆਂ 3704, 2392, 6635, 4161ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਲ ਕਰਨ, ਬਦਲੀਆਂ ਦਾ ਪੋਰਟਲ ਤੁਰੰਤ ਖੋਲਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲ੍ਹਿਆਂ ਵਿਚ ਸਾਮਾਨ ਅਨੁਪਾਤ ਵਿਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ , ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 1 ਜਨਵਰੀ 2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨਐੱਸਕਿਉਐੱਫ ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਆਦਿ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਜਗਵੀਰਨ ਕੌਰ, ਸੁਖਵਿੰਦਰ ਸਿੰਘ ਘੋਲੀਆ, ਅਮਨਦੀਪ ਮਾਛੀਕੇ, ਗੁਰਮੀਤ ਸਿੰਘ ਝੋਰੜਾ, ਸਵਰਨਦਾਸ, ਬਲਰਾਮ ਸਿੰਘ, ਜਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇਆਈਸੀ ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਇਨ੍ਹਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿਚ ਜਿੱਤ ਹਾਸਲ ਕਰਵਾਈ ਸੀ ਪਰ ਸਰਕਾਰ ਵੱਲੋਂ ਲੱਗਭੱਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ’ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅਧਿਆਪਕ ਆਗੂਆਂ ਜਗਜੀਤ ਸਿੰਘ ਰਣੀਆ, ਅਮਰਦੀਪ ਸਿੰਘ ਬੁੱਟਰ ਨੇ ਦੱਸਿਆ ਕਿ ਆਉਣ ਵਾਲੇ ਕੁੱਝ ਸਮੇਂ ਵਿਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਦੱਸਿਆ ਗਿਆ। ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀਪੀਆਈ ਦਫ਼ਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ । ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿਚ ਇਕ ਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡੱਟਵਾਂ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਨਰਿੰਦਰ ਸਿੰਘ, ਗੁਰਸ਼ਰਨ ਸਿੰਘ, ਅਮਨਦੀਪ ਮਟਵਾਣੀ, ਮਧੂ ਬਾਲਾ, ਸੂਰਜ ਕੁਮਾਰ, ਅਨੀਸ ਨਾਗਪਾਲ ਅਤੇ ਪੰਕਜ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।