ਅਧਿਆਪਕ ਜਥੇਬੰਦੀਆਂ ਦੇ ਝੰਡੇ ਹੇਠ ਅਧਿਆਪਕ ਮੰਗਾਂ ਸਬੰਧੀ ਐੱਸ.ਡੀ.ਐੱਮ. ਫਰੀਦਕੋਟ ਨੂੰ ਦਿੱਤਾ ਮੰਗ ਪੱਤਰ

ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਸਾਂਝਾ ਸੰਘਰਸ਼ ਆਰੰਭ ਕਰਨ ਦਾ ਕੀਤਾ ਫੈਸਲਾ
ਹਰਪ੍ਰੀਤ ਸਿੰਘ ਚਾਨਾ (ਸਟਾਫ ਰਿਪੋਰਟਰ), ਪੰਜਾਬੀ ਜਾਗਰਣ, ਫਰੀਦਕੋਟ : ਲੰਬੇ ਸਮੇਂ ਤੋਂ ਲਟਕ ਰਹੀਆਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝਾ ਥੜਾ ਉਸਾਰ ਕੇ ਆਪਣੀਆਂ ਮੰਗਾਂ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੇ ਤਹਿਤ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਗੈਰਹਾਜ਼ਰੀ ਵਿੱਚ ਐੱਸ.ਡੀ.ਐੱਮ. ਫਰੀਦਕੋਟ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੀ ਮੰਗ ਕੀਤੀ ਗਈ। ਇਸ ਸਮੇਂ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰਜ ਫਰੰਟ ਫਰੀਦਕੋਟ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਸਕੱਤਰ ਗਗਨ ਪਾਹਵਾ ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ, 3704 ਅਧਿਆਪਕ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ ਚਹਿਲ, 4161 ਅਧਿਆਪਕ ਯੂਨੀਅਨ ਵੱਲੋਂ ਅਜੇਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਅਧਿਆਪਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਖੜੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਸਾਲ ਬੀਤਣ ਤੇ ਵੀ ਪੂਰਾ ਨਹੀਂ ਕੀਤਾ ਗਿਆ ਸਗੋਂ ਇਹਨਾਂ ਮੰਗਾਂ ਤੋਂ ਲਗਾਤਰ ਕਿਨਾਰਾ ਕੀਤਾ ਹੋਇਆ ਹੈ। ਜਿੰਨਾ ਵਿੱਚ 3704,2392,6635 ਅਤੇ 4161 ਭਰਤੀਆਂ ਦੀਆਂ ਰੀਕਾਸਟ ਲਿਸਟਾਂ ਜਾਰੀ ਹੋਣ ਉਪਰੰਤ ਮੈਰਿਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੈਰਿਟ ਲਿਸਟਾਂ ਵਿੱਚ ਸ਼ਾਮਿਲ ਕਰਨ,17 ਜੁਲਾਈ 2020 ਤੋਂ ਬਾਅਦ ਭਰਤੀ ਸਮੂਹ ਅਧਿਆਪਕਾਂ ਤੇ ਪੰਜਾਬ ਦਾ ਪੇ ਸਕੇਲ ਲਾਗੂ ਕਰਨ,ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ਦੀ ਸਮੂਹ ਸਕੂਲਾਂ ਵਿੱਚ ਬਰਾਬਰ ਵੰਡ ਕਰਕੇ ਬਦਲੀਆਂ ਲਈ ਮੌਕਾ ਦੇਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ , ਕੰਪਿਊਟਰ ਅਧਿਆਪਕਾਂ ਅਤੇ ਐਨ.ਐਸ.ਕਿਊ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਬਾਰਡਰ ਏਰੀਆ ਭੱਤਾ ਅਤੇ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਬਹਾਲ ਕਰਨ, ਏਸੀਪੀ ਸਕੀਮ 3-7-11-15 ਸਾਲਾਂ ਤੁਰੰਤ ਬਹਾਲ ਕਰਨ, ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 01-01-2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ, ਸਮੂਹ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ,ਨਵੀਂ ਸਿੱਖਿਆ ਨੀਤੀ 2020 ਰੱਦ ਕਰਨ ਅਤੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਬੰਦ ਕਰਨ ਜਿਹੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਸਾਢੇ ਚਾਰ ਸਾਲ ਦਾ ਸਮਾਂ ਬੀਤਣ ਤੋਂ ਬਾਵਜੂਦ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਮੁਲਾਜ਼ਮ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ ਹੈ। ਪੰਜਾਬ ਦੀਆਂ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਇਹਨਾਂ ਮੰਗਾਂ ਮਸਲਿਆਂ ਨੂੰ ਮਨਵਾਉਣ ਦੇ ਲਈ ਚੋਣਾਂ ਦੇ ਭੱਖ ਰਹੇ ਇਸ ਮਾਹੌਲ ਅੰਦਰ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਵਿੱਢਣ ਦਾ ਬਿਗਲ ਵਜਾ ਦਿੱਤਾ ਗਿਆ ਹੈ ਅੱਜ ਐੱਸ.ਡੀ.ਐੱਮ. ਪੁਨੀਤ ਸ਼ਰਮਾ ਰਾਹੀਂ ਆਪਣੀਆਂ ਮੰਗਾਂ ਦਾ ਡਿਮਾਂਡ ਚਾਰਟ ਭੇਜ ਕੇ ਇਹਨਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਗਲੇ ਦਿਨੀਂ ਪੰਜਾਬ ਸਰਕਾਰ ਦੇ ਇਸ ਅੜੀਅਲ ਰਵਈਏ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ। ਆਗੂਆਂ ਨੇ ਸਮੂਹ ਅਧਿਆਪਕ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਚਿਹਰੇ ਤੋਂ ਘੁੰਡ ਚੁੱਕ ਲਿਆ ਹੈ, ਸਰਕਾਰ ਦੇ ਨਾਲ ਆਰ ਪਾਰ ਦੀ ਲੜਾਈ ਲਈ ਕਮਰ ਕਸੇ ਕਰ ਲੈਣ। ਸੰਘਰਸ਼ਾਂ ਦੇ ਇਤਿਹਾਸ ਦੱਸਦੇ ਹਨ ਕਿ ਛਿੱਤਰਾਂ ਦੀ ਮਾਰੀ ਨੌ ਮਣ ਝੜਦੀ ਹੈ ਇਸ ਲਈ ਸਰਕਾਰ ਨੂੰ ਸਬਕ ਸਿਖਾਉਣ ਦੇ ਲਈ ਸਮੂਹ ਅਧਿਆਪਕ ਅੱਗੇ ਆਉਣ।ਇਸ ਸਮੇਂ ਪ੍ਰੈੱਸ ਸਕੱਤਰ ਲਵਕਰਨ ਸਿੰਘ,ਵਿੱਤ ਸਕੱਤਰ ਪ੍ਰਦੀਪ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਦਿਲਬਾਗ ਸਿੰਘ ਬਰਾੜ, ਸਵਰਨਪਾਲ ਸਿੰਘ, ਭਰਤ ਭੂਸ਼ਣ ਜਿੰਦਲ, ਦੀਪਕ ਕੁਮਾਰ, ਮਨਪ੍ਰੀਤ ਸਿੰਘ, ਨਵਪ੍ਰੀਤ ਸਿੰਘ ਬਰਾੜ, ਅਮਨਦੀਪ ਸਿੰਘ ਜੱਸਲ, ਅਰੁਣਾ ਅਤੇ ਤੇਜਿੰਦਰਪਾਲ ਆਦਿ ਆਗੂ ਵੀ ਹਾਜ਼ਰ ਸਨ।