ਮੋਗਾ 'ਚ ਗੁਰੂ ਅਰਜਨ ਦੇਵ ਨਗਰ 'ਚ ਸ਼ਾਰਟ ਸਰਕਟ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਸ੍ਰੀ ਗੁਰੂ ਅਰਜਨ ਦੇਵ ਨਗਰ ਵਿੱਚ ਕਿਰਾਏ ਦਾ ਮਕਾਨ ਲੈ ਕੇ ਰਹਿ ਰਹੇ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 7:00 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤਾ ਹੋਇਆ ਸੀ ਕਿ ਇਸੇ ਦੌਰਾਨ ਉਸਨੂੰ ਧੂੰਏਂ ਦੀ ਸਮੈੱਲ ਆਈ। ਜਿਵੇਂ ਹੀ ਉਸਨੇ ਦੇਖਿਆ ਤਾਂ ਘਰ ਵਿੱਚ ਇਨਵਰਟਰ ਨੂੰ ਅੱਗ ਲੱਗੀ ਹੋਈ ਸੀ।
Publish Date: Sun, 17 May 2026 07:57 AM (IST)
Updated Date: Sun, 17 May 2026 08:00 AM (IST)
ਰਾਜਕੁਮਾਰ ਰਾਜੂ, ਜਾਗਰਣ, ਮੋਗਾ: ਮੋਗਾ ਦੇ ਗੁਰੂ ਅਰਜਨ ਦੇਵ ਨਗਰ ਵਿੱਚ ਐਤਵਾਰ ਤੜਕੇ ਇੱਕ ਘਰ ਵਿੱਚ ਇਨਵਰਟਰ 'ਚ ਹੋਏ ਸ਼ਾਰਟ ਸਰਕਟ ਕਾਰਨ ਘਰ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਭਿਆਨਕ ਰੂਪ ਧਾਰਨ ਕਰਦਿਆਂ ਪੂਰੇ ਘਰ ਵਿੱਚ ਫੈਲ ਗਈ। ਇਸ ਹਾਦਸੇ ਵਿੱਚ ਘਰ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਸ੍ਰੀ ਗੁਰੂ ਅਰਜਨ ਦੇਵ ਨਗਰ ਵਿੱਚ ਕਿਰਾਏ ਦਾ ਮਕਾਨ ਲੈ ਕੇ ਰਹਿ ਰਹੇ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 7:00 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤਾ ਹੋਇਆ ਸੀ ਕਿ ਇਸੇ ਦੌਰਾਨ ਉਸਨੂੰ ਧੂੰਏਂ ਦੀ ਸਮੈੱਲ ਆਈ। ਜਿਵੇਂ ਹੀ ਉਸਨੇ ਦੇਖਿਆ ਤਾਂ ਘਰ ਵਿੱਚ ਇਨਵਰਟਰ ਨੂੰ ਅੱਗ ਲੱਗੀ ਹੋਈ ਸੀ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਘਰ ਵਿੱਚ ਰੱਖੇ ਸਾਰੇ ਸਾਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਅੱਗ ਲੱਗਣ ਕਾਰਨ ਘਰ ਵਿੱਚ ਤਰਥੱਲੀ ਮੱਚ ਗਈ। ਪਰਿਵਾਰ ਨੇ ਬੜੀ ਮੁਸ਼ਕਲ ਨਾਲ ਘਰੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਫਿਲਹਾਲ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਘਰ ਦਾ ਜ਼ਿਆਦਾਤਰ ਸਾਮਾਨ ਸੜ ਕੇ ਸੁਆਹ ਹੋ ਗਿਆ। ਉੱਥੇ ਹੀ ਮੌਕੇ 'ਤੇ ਪਹੁੰਚੇ ਸਾਬਕਾ ਕੌਂਸਲਰ ਦਵਿੰਦਰ ਤਿਵਾੜੀ ਨੇ ਦੱਸਿਆ ਕਿ ਪਰਿਵਾਰ ਕਮਰੇ ਵਿੱਚ ਸੁੱਤਾ ਹੋਇਆ ਸੀ, ਜਦੋਂ ਉਨ੍ਹਾਂ ਨੂੰ ਅੱਗ ਲੱਗਣ ਕਾਰਨ ਉੱਠ ਰਹੇ ਧੂੰਏਂ ਦੀ ਬਦਬੂ ਆਈ ਤਾਂ ਪਰਿਵਾਰ ਜਾਗਿਆ, ਪਰ ਇਸੇ ਦੌਰਾਨ ਅੱਗ ਪੂਰੀ ਤਰ੍ਹਾਂ ਭੜਕ ਚੁੱਕੀ ਸੀ ਅਤੇ ਘਰ ਵਿੱਚ ਰੱਖੇ ਸਿਲੰਡਰ ਵੀ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਏ ਸਨ। ਜਿਸ ਕਾਰਨ ਅੱਗ ਨਾਲ ਪਰਿਵਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।