‘ਆਪ’ ਨੇ ਸ਼੍ਰੋਅਦ ਪ੍ਰਧਾਨ ਸੁਖਬੀਰ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ
ਆਮ ਆਦਮੀ ਪਾਰਟੀ ਨੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ
Publish Date: Sat, 10 Jan 2026 05:04 PM (IST)
Updated Date: Sat, 10 Jan 2026 05:06 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਵੀਡੀਓ ਨੂੰ ਐਡਿਟ ਕਰਕੇ ਇੰਟਰਨੈੱਟ ’ਤੇ ਵਾਇਰਲ ਕਰਨ ਦੇ ਦੋਸ਼ ਲਾਉਂਦਿਆਂ ਮੁਕਤਸਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਘਰ ਦੇ ਬਾਹਰ ਧਰਨਾ ਦਿੱਤਾ। ਇਹ ਧਰਨਾ ਲਗਭਗ ਇੱਕ ਘੰਟਾ ਚੱਲਿਆ। ਪ੍ਰਦਰਸ਼ਨ ਦੌਰਾਨ ਸੁਖਬੀਰ ਬਾਦਲ ਘਰ ਵਿੱਚ ਮੌਜੂਦ ਨਹੀਂ ਸਨ। ਬਾਦਲ ਪਿੰਡ ਵਿੱਚ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਹ ਇੱਕ ਮਨਘੜਤ ਕਹਾਣੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਤਿਸ਼ੀ ਦੀ ਵੀਡੀਓ ਨੂੰ ਐਡਿਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪਹਿਲਾਂ ਸਿੱਖ ਕਦਰਾਂ-ਕੀਮਤਾਂ ਦਾ ਨਿਰਾਦਰ ਕੀਤਾ ਹੈ। ਇਸਦੇ ਵਿਰੋਧ ਵਿੱਚ ਉਨ੍ਹਾਂ ਨੇ ਅੱਜ ਸੁਖਬੀਰ ਬਾਦਲ ਦੇ ਘਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਇਹ ਸਭ ਸਿਆਸੀ ਲਾਭ ਲਈ ਅਤੇ ਆਪ ਪਾਰਟੀ ਨੂੰ ਬਦਨਾਮ ਕਰਨ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੁਖਪਾਲ ਖਹਿਰਾ ਅਤੇ ਹੋਰ ਵਿਰੋਧੀ ਆਗੂ ਵੀ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗਾਇਬ ਮਾਮਲੇ ’ਚ ਵੀ ਐਸਜੀਪੀਸੀ ਕੁਝ ਨਹੀਂ ਦੱਸ ਰਹੀ। ਹਰ ਕੋਈ ਜਾਣਦਾ ਹੈ ਕਿ ਐਸਜੀਪੀਸੀ ਤੇ ਸੁਖਬੀਰ ਦਾ ਕੰਟਰੋਲ ਹੈ। ਸੁਖਬੀਰ ਬਾਦਲ 328 ਸਰੂਪਾਂ ਦੇ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹਾ ਕਰ ਰਹੇ ਹਨ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਆਪ ਨੇ ਮਾਘੀ ਮੇਲੇ ਦੌਰਾਨ ਮੁਕਤਸਰ ਵਿੱਚ ਸਿਆਸੀ ਕਾਨਫਰੰਸ ਰੱਖ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਿਰਕਤ ਕਰ ਰਹੇ ਹਨ। 328 ਸਰੂਪਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 328 ਸਰੂਪਾਂ ਦੇ ਰਹੱਸ ਨੂੰ ਉਜਾਗਰ ਕਰਨਾ ਬਹੁਤ ਜ਼ਰੂਰੀ ਹੈ। ਇਹ ਐਸਜੀਪੀਸੀ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਦੱਸੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕਿੱਥੇ ਗੁੰਮ ਹੋ ਗਏ ਹਨ। ਇਹ ਕੋਈ ਛੋਟੀ ਗੱਲ ਨਹੀਂ ਹੈ। ਸਾਨੂੰ ਇਸ ਦਾ ਜਵਾਬ ਮਿਲੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਰਿੰਦਰ ਕਾਉਣੀ, ‘ਆਪ’ ਆਗੂ ਜਸਵੰਤ ਸਿੰਘ ਸੰਧੂ ਅਤੇ ਹੋਰ ‘ਆਪ’ ਆਗੂ ਤੇ ਵਰਕਰ ਮੌਜੂਦ ਸਨ।