ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ਕੀਤਾ ਸਵਾਗਤ
ਬੇਅਦਬੀ ਵਿਰੁੱਧ ਬਣੇ ਨਵੇਂ ਕਾਨੂੰਨ ਦਾ ‘ਆਪ’ ਆਗੂਆਂ ਵੱਲੋਂ ਸਵਾਗਤ
Publish Date: Mon, 20 Apr 2026 03:55 PM (IST)
Updated Date: Tue, 21 Apr 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣੇ ਨਵੇਂ ਕਾਨੂੰਨ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਅਤੇ ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਬਣ ਗਿਆ ਹੈ। ਇਸ ਕਾਨੂੰਨ ਨੂੰ ਬਣਾਉਣਾ, ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਅਤੇ ਇਤਿਹਾਸਕ ਪ੍ਰਾਪਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਧਾਰਮਿਕ ਭਾਵਨਾਵਾਂ ਅਤੇ ਪਵਿੱਤਰ ਗ੍ਰੰਥਾਂ ਦੇ ਸਤਿਕਾਰ ਨੂੰ ਕਾਨੂੰਨੀ ਸੁਰੱਖਿਆ ਦੇਣ ਵੱਲ ਇਕ ਮਜ਼ਬੂਤ ਕਦਮ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੀਆਂ ਘਟਨਾਵਾਂ ਜਿੱਥੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ, ਉੱਥੇ ਸਮਾਜਿਕ ਸਾਂਝ ਨੂੰ ਵੀ ਨੁਕਸਾਨ ਪਹੁੰਚਾਉਂਦੀਆਂ ਹਨ, ਇਸ ਲਈ ਇਨ੍ਹਾਂ ’ਤੇ ਸਖ਼ਤੀ ਲਾਜ਼ਮੀ ਸੀ। ਹੁਣ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਅਜਿਹੇ ਮਾਮਲਿਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਹੋ ਸਕੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਮਰਿਆਦਾ ਦੀ ਪਾਲਣਾ ਕਰੇ ਅਤੇ ਕਾਨੂੰਨ ਦਾ ਸਤਿਕਾਰ ਕਰੇ, ਤਾਂ ਜੋ ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣੀ ਰਹੇ।