‘ਆਪ’ ਵਰਕਰਾਂ ਵੱਲੋਂ ਰਾਘਵ ਚੱਢਾ ਸਮੇਤ ਬਾਗੀ ਰਾਜ ਸਭਾ ਮੈਂਬਰਾਂ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਕਥਿਤ ਤੌਰ ’ਤੇ ਬਾਗੀ ਹੋਏ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ ਇੱਕ ਵੱਡਾ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਸਥਾਨਕ ਜੈਤੋ-ਬਠਿੰਡਾ ਰੋਡ ਉੱਪਰ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਸਾਹਮਣੇ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਹਲਕਾ ਵਿਧਾਇਕ ਇੰਜੀ. ਅਮੋਲਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਨੇ ਸਾਂਝੇ ਤੌਰ ’ਤੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਘਵ ਚੱਢਾ, ਹਰਭਜਨ ਸਿੰਘ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਕੁਮਾਰ, ਸਵਾਤੀ ਮਾਲੀਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਖ਼ਿਲਾਫ਼ ਤਿੱਖੇ ਨਾਅਰੇ ਲਗਾਏ। ‘ਆਪ’ ਵਰਕਰਾਂ ਦਾ ਦੋਸ਼ ਸੀ ਕਿ ਇੰਨ੍ਹਾਂ ਨੇਤਾਵਾਂ ਨੇ ਨਿੱਜੀ ਸਵਾਰਥਾਂ ਲਈ ਪਾਰਟੀ ਦੀ ਨਿਭਾਅ ਨਹੀਂ ਕੀਤੀ ਅਤੇ ਪਾਰਟੀ ਦੇ ਅਸੂਲਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਸਿਧਾਂਤਕ ਪਾਰਟੀ ਹੈ, ਜਿਸਦੀ ਬੁਨਿਆਦ ਇਮਾਨਦਾਰੀ ਅਤੇ ਲੋਕ ਸੇਵਾ ’ਤੇ ਟਿਕੀ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਨਿੱਜੀ ਲਾਭ ਲਈ ਪਾਰਟੀ ਨੂੰ ਛੱਡਦੇ ਹਨ, ਉਹ ਲੋਕਾਂ ਦੇ ਭਰੋਸੇ ਨਾਲ ਵੀ ਧੋਖਾ ਕਰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਜਨਤਾ ਐਸੇ ਲੋਕਾਂ ਨੂੰ ਕਦੇ ਵੀ ਮਾਫ਼ ਨਹੀਂ ਕਰੇਗੀ। ਇਸੇ ਤਰ੍ਹਾਂ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਪਾਰਟੀ ਦੇ ਅਸੂਲਾਂ ਦੀ ਰੱਖਿਆ ਲਈ ਹਰ ਸਮੇਂ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਅਨੁਸ਼ਾਸਨ ਸਭ ਤੋਂ ਵੱਡੀ ਤਾਕਤ ਹੈ ਅਤੇ ਕਿਸੇ ਵੀ ਕਿਸਮ ਦੀ ਗਦਾਰੀ ਜਾਂ ਅਨੁਸ਼ਾਸਨਹੀਨਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੀਬੀ ਸਰਬਜੀਤ ਕੌਰ ਪੁੰਨੀ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਰਾਮਗੜੀਆ ਸਮਾਜ ਸੁਧਾਰ ਕਮੇਟੀ ਜੈਤੋ ਦੇ ਪ੍ਰਧਾਨ ਜਗਦੀਸ਼ ਸਿੰਘ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਜਗਸੀਰ ਸਿੰਘ ‘ਸੀਰਾ ਬਰਾੜ’ ਮੇਨ ਬਾਜਾਖਾਨਾ, ਸਰਪੰਚ ਰੇਸ਼ਮ ਸਿੰਘ ਬਰਾੜ ਬਾਜਾਖਾਨਾ ਖੁਰਦ, ਸਰਪੰਚ ਗੁਰਵਿੰਦਰ ਸਿੰਘ ‘ਬੁੱਬੂ ਢਿੱਲੋਂ’ ਨਵਾਂ ਬਾਜਾਖਾਨਾ, ‘ਆਪ’ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਖਾਲਸਾ ਕੋਠੇ ਮਹਿਲੜ੍ਹ (ਦਬੜ੍ਹੀਖਾਨਾ), ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕੁਮਾਰ ਗਰਗ, ਬਲਰਾਜ ਸਿੰਘ ਬਿਸ਼ਨੰਦੀ, ਲਛਮਣ ਸਿੰਘ ਬਿਸ਼ਨੰਦੀ, ਗੁਰਪਿਆਰ ਸਿੰਘ ਡੇਲਿਆਂਵਾਲੀ, ਨਵਦੀਪ ਸਿੰਘ ਮਾਨ ਭਗਤੂਆਣਾ, ਪੀ.ਏ. ਲਾਡੀ ਬਿਸ਼ਨੰਦੀ, ਸੁੱਖਾ ਰੋੜੀਕਪੂਰਾ ਆਦਿ ਹਾਜ਼ਰ ਸਨ।