ਜੈਤੋ ਵਿਚ ਦੁਕਾਨ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 8 ਦੋਸ਼ੀ ਘੰਟਿਆਂ ਵਿਚ ਕਾਬੂ

‘ਵਣਜਾਰਾ’ ਖ਼ਿਲਾਫ਼ ਪਹਿਲਾਂ ਹੀ 21 ਕੇਸ ਦਰਜ, ਪੁਲਿਸ ਵੱਲੋਂ ਪਿਸਟਲ, ਖੰਡਾ ਤੇ ਹੋਰ ਹਥਿਆਰ ਬਰਾਮਦ
ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜ਼ਿਲ੍ਹਾ ਫ਼ਰੀਦਕੋਟ ਵਿਚ ਗੁੰਡਾਗਰਦੀ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜੈਤੋ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਜੈਤੋ ਵਿਖੇ ਇੱਕ ਦੁਕਾਨ ਅੰਦਰ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਸ਼ਾਮਿਲ 8 ਦੋਸ਼ੀਆਂ ਨੂੰ ਪੁਲਿਸ ਨੇ ਮਹਿਜ਼ ਕੁਝ ਘੰਟਿਆਂ ਵਿਚ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੋਸ਼ੀਆਂ ਕੋਲੋਂ ਇੱਕ 32 ਬੋਰ ਪਿਸਟਲ ਸਮੇਤ ਮੈਗਜ਼ੀਨ, ਲੋਹੇ ਦਾ ਖੰਡਾ, ਨਲਕੇ ਦੀ ਹੱਥੀ ਅਤੇ ਦੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਆਈ.ਪੀ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਐਸ.ਪੀ ਇਨਵੈਸਟੀਗੇਸ਼ਨ ਫ਼ਰੀਦਕੋਟ ਜੋਗੇਸ਼ਵਰ ਸਿੰਘ ਗੋਰਾਇਆ ਅਤੇ ਡੀ.ਐਸ.ਪੀ ਜੈਤੋ ਇਕਬਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਥਾਣਾ ਜੈਤੋ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਵਣਜਾਰਾ, ਉਸਦੀ ਪਤਨੀ ਸੁਮਨ ਕੌਰ, ਵਿਸ਼ੇਸ਼ ਮਹਿਤਾ ਉਰਫ਼ ਮੱਤਾ, ਜਸਪ੍ਰੀਤ ਸਿੰਘ ਉਰਫ਼ ਜੱਸੂ, ਲੱਖਨ, ਹਰਪ੍ਰੀਤ ਸਿੰਘ, ਬੌਬੀ ਸਿੰਘ ਅਤੇ ਇੱਕ ਨਾਬਾਲਿਗ ਵਜੋਂ ਹੋਈ ਹੈ। ਇਹ ਸਾਰੇ ਜੈਤੋ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ 11 ਮਈ ਦੀ ਰਾਤ ਟਿੱਬੀ ਸਾਹਿਬ ਰੋਡ ਜੈਤੋ ਵਿਖੇ ਕਟਿੰਗ ਦਾ ਕੰਮ ਕਰਨ ਵਾਲੇ ਕਰਨ ਸਿੰਘ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਹਰਦੀਪ ਸਿੰਘ ਵਣਜਾਰਾ ਅਤੇ ਉਸਦੇ ਸਾਥੀਆਂ ਨੇ ਕਰਨ ਸਿੰਘ ਅਤੇ ਉੱਥੇ ਮੌਜੂਦ ਸੁਰਿੰਦਰ ਕੁਮਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਦੋਵਾਂ ਨੂੰ ਗੰਭੀਰ ਸੱਟਾਂ ਮਾਰੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਜੈਤੋ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ ਕਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ-109 ਮਿਤੀ 12.05.2026 ਅਧੀਨ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਮੁੱਖ ਅਫ਼ਸਰ ਥਾਣਾ ਜੈਤੋ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਹਰਦੀਪ ਸਿੰਘ ਵਣਜਾਰਾ ਸਮੇਤ 7 ਦੋਸ਼ੀਆਂ ਨੂੰ 12 ਮਈ ਨੂੰ ਹੀ ਗ੍ਰਿਫ਼ਤਾਰ ਕਰ ਲਿਆ, ਜਦਕਿ ਇੱਕ ਨਾਬਾਲਿਗ ਨੂੰ ਅੱਜ ਕਾਬੂ ਕੀਤਾ ਗਿਆ। ਪੁਲਿਸ ਜਾਂਚ ਦੌਰਾਨ ਹਰਦੀਪ ਸਿੰਘ ਵਣਜਾਰਾ ਦੀ ਨਿਸ਼ਾਨਦੇਹੀ ’ਤੇ ਇੱਕ .32 ਬੋਰ ਪਿਸਟਲ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ, ਜਦਕਿ ਹੋਰ ਦੋਸ਼ੀਆਂ ਕੋਲੋਂ ਲੋਹੇ ਦਾ ਖੰਡਾ ਅਤੇ ਨਲਕੇ ਦੀ ਹੱਥੀ ਵੀ ਬਰਾਮਦ ਕੀਤੀ ਗਈ। ਪੁਲਿਸ ਅਨੁਸਾਰ ਮੁੱਖ ਦੋਸ਼ੀ ਹਰਦੀਪ ਸਿੰਘ ਉਰਫ਼ ਵਣਜਾਰਾ ਦਾ ਅਪਰਾਧਿਕ ਰਿਕਾਰਡ ਕਾਫ਼ੀ ਲੰਮਾ ਹੈ। ਉਸ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੁੱਲ 21 ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਹੋਰ ਦੋਸ਼ੀਆਂ ਖ਼ਿਲਾਫ਼ ਵੀ ਕਈ ਅਪਰਾਧਿਕ ਕੇਸ ਦਰਜ ਹਨ। ਜੈਤੋ ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ ਅਤੇ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਹੋ ਸਕਣ। ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ ਅਮਨ-ਕਾਨੂੰਨ ਕਾਇਮ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।