ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਸਖ਼ਤ ਹੁਕਮ ਜਾਰੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣਸ੍ਰੀ ਮੁਕਤਸਰ ਸਾਹਿਬ : ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਜਮੀਨ ਦੀ ਸ਼ਕਤੀ ਨੂੰ ਬਚਾਉਣ ਲਈ ਅਹਿਮ ਕਦਮ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਆਈਏਐੱਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਨਾੜ ਤੇ ਹੋਰ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਇਸ ਨੁਕਸਾਨਦਾਇਕ ਪ੍ਰਥਾ ਨੂੰ ਰੋਕਣ ਲਈ ਸਾਰੇ ਸੰਬੰਧਿਤ ਵਿਭਾਗਾਂ ਵੱਲੋਂ ਤਨਦੇਹੀ ਅਤੇ ਸਾਂਝੇ ਤੌਰ ‘ਤੇ ਕੋਸ਼ਿਸ਼ਾਂ ਕਰਨ ਦੀ ਲੋੜ ਹੈ। ਕਣਕ ਦੀ ਕਟਾਈ 8 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਮਾਮਲਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਗਏ ਹਨ। ਕਣਕ ਦੇ ਨਾੜ ਨੂੰ ਸਾੜਣ ਨਾਲ ਹਵਾ ਦੀ ਗੁਣਵੱਤਾ ਖਰਾਬ ਹੁੰਦੀ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਜ਼ਰੂਰੀ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਧੂੰਏਂ ਅਤੇ ਧੂੜ ਦੇ ਕਣਾਂ ਕਾਰਨ ਮਨੁੱਖੀ ਸਿਹਤ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ (ਐਸਡੀਐਮਜ) ਨੂੰ ਹੁਕਮ ਦਿੱਤੇ ਕਿ ਪਿੰਡ ਪੱਧਰ ’ਤੇ ਤੁਰੰਤ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣ ਤਾਂ ਜੋ ਆਪਣੇ-ਆਪਣੇ ਖੇਤਰਾਂ ਵਿੱਚ ਨਿਗਰਾਨੀ ਮਜ਼ਬੂਤ ਕੀਤੀ ਜਾ ਸਕੇ ਅਤੇ ਕਣਕ ਦੇ ਨਾੜ ਨੂੰ ਸਾੜਨ ਦੀ ਕਿਸੇ ਵੀ ਘਟਨਾ ‘ਤੇ ਨਜ਼ਰ ਰੱਖੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਖੇਤੀਬਾੜੀ ਵਿਭਾਗ ਨੂੰ ਇਹ ਹਦਾਇਤ ਦਿੱਤੀ ਕਿ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕੈਂਪ, ਵੈਨਾਂ ਅਤੇ ਹੋਰ IEC ਸਮੱਗਰੀ ਰਾਹੀਂ ਵਿਆਪਕ ਮੁਹਿੰਮ ਚਲਾਈ ਜਾਵੇ, ਤਾਂ ਜੋ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ।ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫਸਲੀ ਅਵਸ਼ੇਸ਼ਾਂ ਦੇ ਪ੍ਰਬੰਧਨ ਲਈ ਪ੍ਰੇਰਿਤ ਕਰਨਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਗਿਆਨਕ ਤਰੀਕਿਆਂ ਨਾਲ ਫਸਲੀ ਅਵਸ਼ੇਸ਼ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਮਾਰਗਦਰਸ਼ਨ ਦੇ ਕੇ ਉਨ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਨਾਲ ਹੀ, ਕਾਨੂੰਨਾਂ ਅਤੇ ਕਮਿਸ਼ਨ ਫਾਰ ਏਅਰ ਕਵਾਲਟੀ ਮੈਨੇਜਮੈਂਟ ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਤਕਰੀਬਨ 2.16 ਲੱਖ ਹੈਕਟਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ, ਇਸ ਲਈ ਆਉਣ ਵਾਲੇ ਕਟਾਈ ਮੌਸਮ ਦੌਰਾਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਰੋਕਥਾਮੀ ਕਦਮ ਬਹੁਤ ਜ਼ਰੂਰੀ ਹਨ। ਜਿਆਦਾਤਰ ਨਾੜ ਦੀ ਕਿਸਾਨਾਂ ਵੱਲੋਂ ਤੂੜੀ ਬਣਵਾ ਲਈ ਜਾਂਦੀ ਹੈ, ਪ੍ਰੰਤੂ ਬਚੇ ਹੋਏ ਨਾੜ ਨੂੰ ਕਈ ਵਾਰ ਅੱਗ ਲੱਗਾ ਦਿੱਤੀ ਜਾਂਦੀ ਹੈ ਜਿਸ ਕਰਕੇ ਵਾਤਾਵਰਣ ਦੁਸ਼ਿਤ ਹੋਣ ਦੇ ਨਾਲ-ਨਾਲ ਕਈ ਵਾਰ ਹਾਦਸੇ ਵੀ ਹੋ ਜਾਂਦੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਮਿਲ-ਜੁਲ ਕੇ ਕੰਮ ਕਰਨ ਤਾਂ ਜੋ ਕਟਾਈ ਮੌਸਮ ਦੌਰਾਨ ਪ੍ਰਦੂਸ਼ਣ-ਰਹਿਤ ਮਾਹੌਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸਬ-ਡਿਵੀਜ਼ਨਲ ਮੈਜਿਸਟ੍ਰੇਟ, ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਬਰਾੜ ਤੋਂ ਇਲਾਵਾ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।