ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
ਬਿਜਲੀ ਦੇ ਕੱਟਾਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ
Publish Date: Thu, 30 Apr 2026 03:38 PM (IST)
Updated Date: Fri, 01 May 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਪਾਵਰਕਾਮ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਲਗਾਏ ਜਾ ਰਹੇ ਅਣ ਐਲਾਨੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਪਰਗਟ ਸਿੰਘ ਬਰਾੜ ਡੋਡ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਤੇ ਬੇਤਰਤੀਬੇ ਕੱਟਾਂ ਕਾਰਨ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਪੰਜਾਬ ਵਿਚ ਕੋਈ ਘਾਟ ਨਾ ਹੋਣ ਦੇ ਪੰਜਾਬ ਸਰਕਾਰ ਦੇ ਵੱਡੇ-ਵੱਡੇ ਦਾਅਵੇ ਹੁਣ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿਨ ਦੇ ਸਮੇਂ ਬਿਜਲੀ ਦੇ ਕੱਟ ਕਿਸੇ ਹੱਦ ਤੱਕ ਬਰਦਾਸ਼ਤ ਕੀਤੇ ਜਾ ਸਕਦੇ ਹਨ, ਪਰ ਰਾਤ ਦੇ ਵੇਲੇ ਲੰਬੇ ਕੱਟ ਲੋਕਾਂ ਲਈ ਵੱਡੀ ਮੁਸੀਬਤ ਬਣ ਗਏ ਹਨ। ਗਰਮੀ ਅਤੇ ਮੱਛਰਾਂ ਦੇ ਕਾਰਨ ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਲਈ ਰਾਤ ਕੱਟਣੀ ਬਹੁਤ ਹੀ ਮੁਸ਼ਕਿਲ ਹੋ ਰਹੀ ਹੈ। ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਬਿਜਲੀ ਸਪਲਾਈ ਪ੍ਰਬੰਧਾਂ ਨੂੰ ਠੀਕ ਕੀਤਾ ਜਾਵੇ ਅਤੇ ਖ਼ਾਸ ਤੌਰ ’ਤੇ ਰਾਤ ਦੇ ਸਮੇਂ ਕੱਟਾਂ ਨੂੰ ਰੋਕਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।