ਧਰਮਸ਼ਾਲਾ ਤੇ ਭਵਨ ਦੀ ਉਸਾਰੀ ਲਈ 25 ਲੱਖ ਮਨਜ਼ੂਰ : ਸੇਖੋਂ
ਡਾ. ਅੰਬੇਡਕਰ ਨਗਰ ਧਰਮਸ਼ਾਲਾ ਵਿੱਚ ਹਾਲ ਨਿਰਮਾਣ ਅਤੇ ਬੀ.ਆਰ. ਅੰਬੇਡਕਰ ਭਵਨ ਦੀ ਮੁਰੰਮਤ ਲਈ ਲਗਭਗ 25 ਲੱਖ ਰੁਪਏ ਦੀ ਮਨਜ਼ੂਰ-ਵਿਧਾਇਕ ਸੇਖੋਂ
Publish Date: Fri, 20 Feb 2026 04:14 PM (IST)
Updated Date: Sat, 21 Feb 2026 04:01 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਹਲਕਾ ਫ਼ਰੀਦਕੋਟ ਦੇ ਵਸਨੀਕਾਂ ਲਈ ਪੰਜਾਬ ਸਰਕਾਰ ਵੱਲੋਂ ਇਲਾਕੇ ਵਿੱਚ ਦੋ ਮਹੱਤਵਪੂਰਨ ਵਿਕਾਸੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਡਾ. ਅੰਬੇਡਕਰ ਨਗਰ ਵਿਖੇ ਧਰਮਸ਼ਾਲਾ ਵਿੱਚ ਹਾਲ ਦੇ ਨਿਰਮਾਣ ਕਾਰਜ ਲਈ 12.14 ਲੱਖ ਰੁਪਏ ਦੀ ਲਾਗਤ ਮਨਜ਼ੂਰ ਕੀਤੀ ਗਈ ਹੈ, ਜਿਸ ਦਾ ਕਾਰਜ ਪੰਚਾਇਤੀ ਰਾਜ ਵਿਭਾਗ ਵੱਲੋਂ ਤਿਆਰ ਕਰਕੇ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਵਿਖੇ ਬੀ.ਆਰ. ਅੰਬੇਡਕਰ ਭਵਨ ਦੇ ਬਾਹਰੀ ਹਿੱਸੇ ਦੀ ਮੁਰੰਮਤ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ ਕਰੀਬ 12.51 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ ਅਤੇ ਕੰਮ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਵਿੱਚ ਹਾਲ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮਾਂ ਲਈ ਇੱਕ ਸੁਵਿਧਾਜਨਕ ਅਤੇ ਆਧੁਨਿਕ ਸਥਾਨ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰੇਗਾ। ਉਨ੍ਹਾਂ ਦੱਸਿਆ ਕਿ ਬੀ.ਆਰ. ਅੰਬੇਡਕਰ ਭਵਨ ਦੀ ਬਾਹਰੀ ਮੁਰੰਮਤ ਨਾਲ ਇਮਾਰਤ ਨੂੰ ਮਜ਼ਬੂਤੀ ਅਤੇ ਸੁੰਦਰਤਾ ਮਿਲੇਗੀ, ਜਿਸ ਨਾਲ ਇਥੇ ਆਉਣ ਵਾਲੇ ਲੋਕਾਂ ਨੂੰ ਵਧੀਆ ਸਹੂਲਤਾਂ ਉਪਲਬਧ ਹੋਣਗੀਆਂ। ਇਹ ਦੋਵੇਂ ਵਿਕਾਸੀ ਕਾਰਜ ਹਲਕੇ ਦੇ ਸਰਬਪੱਖੀ ਵਿਕਾਸ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਣਗੇ। ਵਿਧਾਇਕ ਸ. ਸੇਖੋਂ ਨੇ ਦੋਵੇਂ ਪ੍ਰੋਜੈਕਟਾਂ ਦੀ ਮਨਜ਼ੂਰੀ ਲਈ ਪੰਜਾਬ ਦੇ ਮੁੱਖ ਮੰਤਰੀ ਸਾਹਿਬ ਅਤੇ ਸੰਬੰਧਤ ਵਿਭਾਗਾਂ ਦੇ ਮੰਤਰੀ ਸਾਹਿਬਾਨ ਦਾ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਫ਼ਰੀਦਕੋਟ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਅਨੇਕਾਂ ਵਿਕਾਸੀ ਪ੍ਰੋਜੈਕਟ ਇਲਾਕੇ ਨੂੰ ਸਮਰਪਿਤ ਕੀਤੇ ਜਾਣਗੇ।