‘ਪੰਜਾਬ ਸਿੱਖਿਆ ਕ੍ਰਾਂਤੀ’ ਮੀਲ ਦਾ ਪੱਥਰ ਸਾਬਿਤ ਹੋਵੇਗੀ : ਵਿਧਾਇਕ
ਵਿਧਾਇਕ ਅਮੋਲਕ ਸਿੰਘ ਵੱਲੋਂ ਬਿਸ਼ਨੰਦੀ ’ਚ ਨਵੇਂ ਆਧੁਨਿਕ ਕਲਾਸ ਰੂਮ ਦਾ ਉਦਘਾਟਨ
Publish Date: Tue, 28 Apr 2026 04:34 PM (IST)
Updated Date: Wed, 29 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ‘ਪੰਜਾਬ ਸਿੱਖਿਆ ਕ੍ਰਾਂਤੀ-2’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਰਕਾਰੀ ਹਾਈ ਸਕੂਲ ਬਿਸ਼ਨੰਦੀ ਵਿਚ 9 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਧੁਨਿਕ ਕਲਾਸ ਰੂਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸਰਕਾਰੀ ਸਕੂਲਾਂ ਦੇ ਵਿਕਾਸ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ ’ਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਤਰੀਕੇ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਦੇਸ਼ਾਂ ਦੀਆਂ ਉੱਚ ਕੋਟੀ ਦੀਆਂ ਸੰਸਥਾਵਾਂ ਤੋਂ ਸਿਖਲਾਈ ਦੁਆਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਕੀਤੇ ਗਏ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਕਾਫ਼ੀ ਘੱਟ ਗਈ ਸੀ ਅਤੇ ਹੁਣ ਸਰਕਾਰ ਵੱਲੋਂ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਹੇਮ ਰਾਜ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਵੱਲੋਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਸਰਪੰਚ ਜਗਦੇਵ ਸਿੰਘ ਬਿਸ਼ਨੰਦੀ, ਬਲਾਕ ਸੰਮਤੀ ਮੈਂਬਰ ਬਲਰਾਜ ਸਿੰਘ, ‘ਆਪ’ ਦੇ ਸੀਨੀਅਰ ਆਗੂ ਲਛਮਣ ਸਿੰਘ ਬਿਸ਼ਨੰਦੀ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ, ਸਿੱਖਿਆ ਮਾਹਿਰ ਮੁਖਤਿਆਰ ਸਿੰਘ, ਸਕੱਤਰ ਹੇਮ ਰਾਜ, ਮੈਂਬਰ ਚਮਕੌਰ ਸਿੰਘ ਢਿੱਲੋਂ, ਮੈਂਬਰ ਖੁਸ਼ਵਿੰਦਰ ਸਿੰਘ, ਮੈਂਬਰ ਸਿਮਰਜੀਤ ਕੌਰ ਤੋਂ ਇਲਾਵਾ ਸਕੂਲ ਅਧਿਆਪਕ ਪਰਮਿੰਦਰ ਕੁਮਾਰ, ਅਧਿਆਪਕ ਜੌਹਨ ਡੇਵਿਡ, ਅਧਿਆਪਕ ਕੁਲਦੀਪ ਸਿੰਘ, ਅਧਿਆਪਕਾ ਜਸਵੰਤ ਕੌਰ, ਅਧਿਆਪਕਾ ਚੰਚਲ, ਅਧਿਆਪਕਾ ਕੁਸਮ ਦੇਵੀ, ਬੀ.ਐੱਨ.ਓ. ਪੰਨਾ ਲਾਲ, ਸਰਕਾਰੀ ਹਾਈ ਸਕੂਲ ਸੂਰਘੁਰੀ ਦੇ ਹੈੱਡ ਮਾਸਟਰ ਕਪਿਲ ਕੁਮਾਰ ਗੋਇਲ ਆਦਿ ਹਾਜ਼ਰ ਸਨ।