ਚੋਣਾਂ ਆਉਂਦਿਆਂ ਹੀ ਯਾਦ ਆਇਆ ਮੋਗਾ ਦਾ ਵਿਕਾਸ, ਪੰਜ ਸਾਲ ਲੋਕਾਂ ਦੀ ਨਹੀਂ ਸੁਣੀ: ਹਰੀ ਸਿੰਘ ਖਾਈ
ਜਿਵੇਂ ਹੀ ਚੋਣਾਂ ਨੇੜੇ ਆਉਂਦੀਆਂ ਹਨ
Publish Date: Tue, 19 May 2026 05:53 PM (IST)
Updated Date: Wed, 20 May 2026 04:04 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਜਿਵੇਂ ਹੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਵਿਧਾਇਕਾਂ, ਮੇਅਰਾਂ ਅਤੇ ਸਤਾ ਨਾਲ ਜੁੜੇ ਲੋਕਾਂ ਨੂੰ ਅਚਾਨਕ ਸ਼ਹਿਰ ਦੇ ਵਿਕਾਸ ਦੀ ਯਾਦ ਆਉਣ ਲੱਗ ਪੈਂਦੀ ਹੈ ਪਰ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਲਵਿਕਾ ਸੂਦ ਨੇ ਮੋਗਾ ਸ਼ਹਿਰ ਦੀ ਖ਼ਰਾਬ ਹੋ ਰਹੀ ਹਾਲਤ ਨੂੰ ਲੈ ਕੇ ਮੌਜੂਦਾ ਸਰਕਾਰ ਅਤੇ ਸਥਾਨਕ ਨਗਰ ਨਿਗਮ ਪ੍ਰਸ਼ਾਸਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮੋਗਾ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਜਗ੍ਹਾ-ਜਗ੍ਹਾ ਖੱਡੇ ਪਏ ਹੋਏ ਹਨ, ਸੀਵਰੇਜ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਹਰ ਪਾਸੇ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੋਕ ਗੰਦੇ ਪਾਣੀ ਅਤੇ ਬਦਬੂ ਕਾਰਨ ਬਿਮਾਰੀਆਂ ਦੇ ਡਰ ’ਚ ਜੀਅ ਰਹੇ ਹਨ ਪਰ ਸਰਕਾਰ ਅਤੇ ਨਗਰ ਨਿਗਮ ਦੇ ਅਧਿਕਾਰੀ ਆਪਣੇ ਦਫ਼ਤਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਹੁਣ ਪ੍ਰੀਮਿਕਸ ਪਾਉਣ ਅਤੇ ਨਵੀਆਂ ਘੋਸ਼ਣਾਵਾਂ ਕਰਨ ਦਾ ਡਰਾਮਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ। ਖਾਈ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੱਚਮੁਚ ਵਿਕਾਸ ਕੀਤਾ ਹੁੰਦਾ ਤਾਂ ਅੱਜ ਲੋਕਾਂ ਨੂੰ ਟੁੱਟੀਆਂ ਸੜਕਾਂ, ਗੰਦਗੀ ਅਤੇ ਜਾਮ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪੈਂਦਾ। ਕਾਂਗਰਸ ਆਗੂ ਨੇ ਕਿਹਾ ਕਿ ਮੋਗਾ ਦੇ ਹਰ ਵਾਰਡ ਵਿਚ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਕਈ ਇਲਾਕਿਆਂ ਵਿਚ ਸੜਕਾਂ ਟੁੱਟ ਚੁੱਕੀਆਂ ਹਨ ਅਤੇ ਮੀਂਹ ਪੈਣ ’ਤੇ ਪਾਣੀ ਘਰਾਂ ਤੱਕ ਦਾਖ਼ਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਮੋਗਾ ਦੇ ਵਿਕਾਸ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਸਿਰਫ਼ ਰਾਜਨੀਤੀ ਕਰਨ ਨੂੰ ਤਰਜੀਹ ਦਿੱਤੀ। ਹਰੀ ਸਿੰਘ ਖਾਈ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਹੁਣ ਚੋਣਾਂ ਦੇ ਮੌਕੇ ਲੋਕਾਂ ਵਿਚ ਜਾ ਕੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਲੋਕ ਪਿਛਲੇ ਪੰਜ ਸਾਲਾਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਦਾ ਵਿਕਾਸ ਕਰਨ ਦੀ ਬਜਾਏ ਕੁੱਝ ਲੋਕਾਂ ਨੇ ਆਪਣਾ ਨਿੱਜੀ ਵਿਕਾਸ ਜ਼ਿਆਦਾ ਕੀਤਾ ਹੈ। ਸ਼ਹਿਰ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਸਿਰਫ ਦਾਅਵਿਆਂ ਤੱਕ ਸੀਮਿਤ ਰਹੀ ਹੈ। ਉਨ੍ਹਾਂ ਕਿਹਾ ਕਿ ਮੋਗਾ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰਾਂ ਕਾਰਨ ਲੋਕਾਂ ਦਾ ਜੀਣਾ ਮੁਸ਼ਕਲ ਹੋ ਚੁੱਕਾ ਹੈ। ਹੋਟਲਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਗੰਦਗੀ ਫੈਲੀ ਹੋਈ ਹੈ ਜਿਸ ਨਾਲ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਫ਼ਾਈ ਪ੍ਰਬੰਧ ਅਤੇ ਵਿਕਾਸ ਕਾਰਜ ਠੀਕ ਤਰੀਕੇ ਨਾਲ ਕੀਤੇ ਜਾਂਦੇ ਤਾਂ ਅੱਜ ਮੋਗਾ ਦੀ ਇਹ ਹਾਲਤ ਨਾ ਹੁੰਦੀ। ਖਾਈ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਲੋਕਾਂ ਦੇ ਹੱਕਾਂ ਲਈ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਉਹ ਪਾਰਟੀ ਹੈ ਜੋ ਹਰ ਪਰਿਵਾਰ ਅਤੇ ਹਰ ਵਾਰਡ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਸ਼ਹਿਰ ਦੇ ਅਸਲ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਨਗਰ ਨਿਗਮ ਚੋਣਾਂ ਵਿਚ ਪਾਰਟੀ ਨੂੰ ਉਮੀਦਵਾਰ ਤੱਕ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਲਗਾਤਾਰ ਘੱਟ ਰਹੀ ਹੈ, ਜਿਸ ਕਾਰਨ ਕਈ ਵਾਰਡਾਂ ਵਿਚ ਉਨ੍ਹਾਂ ਨੂੰ ਕੌਂਸਲਰ ਦੀ ਚੋਣ ਲੜਾਉਣ ਲਈ ਯੋਗ ਅਤੇ ਮਜ਼ਬੂਤ ਉਮੀਦਵਾਰ ਨਹੀਂ ਮਿਲੇ। ਇਸੇ ਕਰਕੇ ਆਪ ਵੱਲੋਂ ਇਕੋ ਪਰਿਵਾਰ ਦੇ ਦੋ-ਦੋ ਮੈਂਬਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਅੰਦਰ ਭਾਰੀ ਨਿਰਾਸ਼ਾ ਅਤੇ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ। ਹਰੀ ਸਿੰਘ ਖਾਈ ਨੇ ਕਿਹਾ ਕਿ ਲੋਕ ਹੁਣ ਆਪ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਅੰਤ ਵਿਚ ਹਰੀ ਸਿੰਘ ਖਾਈ ਨੇ ਮੋਗਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਝੂਠੇ ਵਾਅਦਿਆਂ ਅਤੇ ਦਿਖਾਵੇ ਦੀ ਰਾਜਨੀਤੀ ਤੋਂ ਸਾਵਧਾਨ ਰਹਿਣ ਅਤੇ ਉਨ੍ਹਾਂ ਲੋਕਾਂ ਦਾ ਸਾਥ ਦੇਣ ਜੋ ਸੱਚਮੁੱਚ ਸ਼ਹਿਰ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ।