ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ
ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ
Publish Date: Sun, 26 Apr 2026 04:00 PM (IST)
Updated Date: Mon, 27 Apr 2026 04:04 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਦੇ ਸੀਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਇਕ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਲੇਰੀਆ ਵਰਗੀ ਖ਼ਤਰਨਾਕ ਬਿਮਾਰੀ ਦੇ ਕਾਰਨਾਂ ਅਤੇ ਇਸ ਤੋਂ ਬਚਣ ਦੇ ਉਪਾਵਾਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਹੱਥਾਂ ਵਿਚ ਚੁੱਕੀਆਂ ਤਖ਼ਤੀਆਂ ਅਤੇ ਬੈਨਰਾਂ ਰਾਹੀਂ ਪ੍ਰਭਾਵਸ਼ਾਲੀ ਨਾਅਰੇ ਲਗਾ ਕੇ ਲੋਕਾਂ ਦਾ ਧਿਆਨ ਖਿੱਚਿਆ ਅਤੇ ਵਿਦਿਆਰਥੀਆਂ ਨੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਾਫ਼-ਸਫ਼ਾਈ ਰੱਖਣ ਦੀ ਅਪੀਲ ਕੀਤੀ। ਰੈਲੀ ਵਿਚ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਗਲੀਆਂ ਮੁਹੱਲਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਜਾਗਰੂਕ ਹੋਈਏ ਤਾਂ ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।