ਹੱਦ ਕਰਜ਼ੇ ਨੂੰ ਲੈ ਕੇ ਬੈਂਕ ਕਰਮਚਾਰੀਆਂ ਦੀ ਹੜਤਾਲ ਦੀ ਧਮਕੀ ‘ਕਿਸਾਨ ਵਿਰੋਧੀ ਕਦਮ’ : ਨਛੱਤਰ ਸਿੰਘ ਢਿੱਲੋਂ
ਹੱਦ ਕਰਜ਼ੇ ਨੂੰ ਲੈ ਕੇ ਬੈਂਕ ਕਰਮਚਾਰੀਆਂ ਦੀ ਹੜਤਾਲ ਦੀ ਧਮਕੀ ‘ਕਿਸਾਨ ਵਿਰੋਧੀ ਕਦਮ’ : ਨਛੱਤਰ ਸਿੰਘ ਢਿੱਲੋਂ
Publish Date: Sat, 09 May 2026 03:42 PM (IST)
Updated Date: Sun, 10 May 2026 04:00 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੇ ਅੱਜ ਪ੍ਰੈਸ ਨੂੰ ਜਾਰੀ ਬਿਆਨ ਵਿਚ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਵਧੇ ਹੋਏ ਹੱਦ ਕਰਜ਼ੇ ਨੂੰ ਲਾਗੂ ਕਰਨ ਤੋਂ ਇਨਕਾਰ ਕਰਨ ਅਤੇ ਹੜਤਾਲ ਦੀ ਧਮਕੀ ਦੇਣ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਕਦਮ ਨੂੰ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 7 ਸਾਲਾਂ ਬਾਅਦ ਝੋਨੇ ਦੀ ਫ਼ਸਲ ਲਈ ਹੱਦ ਕਰਜ਼ੇ ਵਿਚ ਵਾਧਾ ਕੀਤਾ ਗਿਆ ਹੈ, ਜਿਸਨੂੰ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸ ਵਿਚੋਂ 23,000 ਰੁਪਏ ਨਗਦ ਅਤੇ 16,000 ਰੁਪਏ ਖਾਦ, ਬੀਜ ਆਦਿ ਲਈ ਸੁਸਾਇਟੀਆਂ ਰਾਹੀਂ ਦਿੱਤੇ ਜਾਣੇ ਹਨ। ਪਰ ਸਹਿਕਾਰੀ ਬੈਂਕ ਕਰਮਚਾਰੀਆਂ ਵੱਲੋਂ ਇਸ ਫ਼ੈਸਲੇ ਨੂੰ ਲਾਗੂ ਕਰਨ ਤੋਂ ਇਨਕਾਰ ਕਰਨਾ ਕਿਸਾਨਾਂ ਦੇ ਹਿੱਤਾਂ ਉੱਤੇ ਸਿੱਧਾ ਹਮਲਾ ਹੈ। ਨਛੱਤਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੈਂਕ ਕਰਮਚਾਰੀਆਂ ਵੱਲੋਂ ਨੋਟਿਸ ਜਾਰੀ ਕਰਕੇ ਇਹ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਪੰਜਾਬ ਸਰਕਾਰ ਵਧੇ ਹੋਏ ਕਰਜ਼ੇ ਨੂੰ ਲਾਗੂ ਕਰਨ ਲਈ ਦਬਾਅ ਬਣਾਉਂਦੀ ਹੈ ਤਾਂ ਉਹ ਹੜਤਾਲ ’ਤੇ ਚਲੇ ਜਾਣਗੇ। ਉਨ੍ਹਾਂ ਇਸ ਰਵੱਈਏ ਨੂੰ ਗੈਰ-ਜ਼ਿੰਮੇਵਾਰ ਅਤੇ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਕਿਸਾਨ ਬੇਮੌਸਮੀ ਬਾਰਿਸ਼ਾਂ ਕਾਰਨ ਭਾਰੀ ਨੁਕਸਾਨ ਝੱਲ ਰਹੇ ਹਨ। ਕਣਕ ਦੀ ਫ਼ਸਲ ਵਿਚ ਲਗਭਗ 25 ਫ਼ੀਸਦੀ ਤੱਕ ਘਾਟਾ ਆਇਆ ਹੈ ਅਤੇ ਗੜੇਮਾਰੀ ਕਾਰਨ ਕਈ ਇਲਾਕਿਆਂ ਵਿਚ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਨੂੰ ਕੋਈ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕੀਤਾ ਜਾਵੇ। ਨਾਲ ਹੀ ਵਧੇ ਹੋਏ ਹੱਦ ਕਰਜ਼ੇ ਨੂੰ ਤੁਰੰਤ ਲਾਗੂ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਉਹ ਆਉਣ ਵਾਲੀ ਫ਼ਸਲ ਦੀ ਤਿਆਰੀ ਕਰ ਸਕਣ। ਅਖ਼ੀਰ ਵਿਚ ਨਛੱਤਰ ਸਿੰਘ ਢਿੱਲੋਂ ਨੇ ਚੇਤਾਵਨੀ ਦਿੱਤੀ ਕਿ ਜੇ ਬੈਂਕ ਕਰਮਚਾਰੀ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਨਹੀਂ ਕਰਦੇ ਅਤੇ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਢੁੱਕਵੇਂ ਕਦਮ ਨਹੀਂ ਚੁੱਕੇ ਜਾਂਦੇ, ਤਾਂ ਭਾਰਤੀ ਕਿਸਾਨ ਯੂਨੀਅਨ ਵੱਲੋਂ ਵੱਡਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।