ਬੇਅਦਬੀ ਵਿਰੁੱਧ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ
ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ : ‘ਆਪ’ ਆਗੂ
Publish Date: Sat, 25 Apr 2026 04:58 PM (IST)
Updated Date: Sun, 26 Apr 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਹੁਣ ਕਾਨੂੰਨ ਬਣ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫ਼ੈਸਲਾ ਲਾਗੂ ਹੋ ਗਿਆ ਹੈ, ਜਿਸ ਨਾਲ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ‘ਨਸ਼ਾ ਮੁਕਤੀ ਮੋਰਚਾ’ ਮੁਹਿੰਮ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਤੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਕਾਨੂੰਨੀ ਰੂਪ ਧਾਰ ਚੁੱਕਾ ਹੈ। ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ’ਤੇ ਹੋਰ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕੜੀਆਂ ਸਜ਼ਾਵਾਂ ਦਿੱਤੀਆਂ ਜਾਣਗੀਆਂ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਤਾਕਤਾਂ ਲਈ ਸਖ਼ਤ ਜਵਾਬ ਹੈ, ਜੋ ਧਰਮ ਦੇ ਨਾਂ ’ਤੇ ਲੋਕਾਂ ਵਿਚ ਫੁਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੀਆਂ ਪਾਰਟੀਆਂ ਆਪਣੇ ਆਪ ਨੂੰ ਪੰਥਕ ਕਹਿੰਦੀਆਂ ਰਹੀਆਂ, ਉਹ ਇਸ ਮੁੱਦੇ ਦਾ ਹੱਲ ਨਹੀਂ ਕਰ ਸਕੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ ਕਿਸੇ ਨੂੰ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ ਅਤੇ ਇਹ ਕਾਨੂੰਨ ਸਮਾਜ ਵਿਚ ਆਪਸੀ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ।