ਸੰਤ ਬਾਬਾ ਇਕਬਾਲ ਸਿੰਘ ਦਾ ਜਨਮ ਦਿਹਾੜਾ ਮਨਾਇਆ
ਅਕਾਲ ਅਕੈਡਮੀ ਮਧੀਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਦਾ ਜਨਮ ਦਿਹਾੜਾ ਮਨਾਇਆ
Publish Date: Sat, 02 May 2026 04:47 PM (IST)
Updated Date: Sat, 02 May 2026 04:50 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਮਧੀਰ ਵਿਖੇ ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ੍ਰੀ ਵਿੱਦਿਆ ਮਾਰਤੰਡ, ਸ਼ੋ੍ਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ (ਬੜੂ ਸਾਹਿਬ ਵਾਲੇ) ਦਾ ਜਨਮ ਦਿਹਾੜਾ ਅਕਾਲ ਅਕੈਡਮੀ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਬੱਚਿਆਂ ਵੱਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਬਾਬਾ ਜੀ ਦਾ ਜਨਮ 1 ਮਈ 1926 ਨੂੰ ਹੋਇਆ ਸੀ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਵਿੱਦਿਆ ਦੇ ਪ੍ਰਸਾਰ ਅਤੇ ਸਿੱਖੀ ਦੇ ਪ੍ਰਚਾਰ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੁਆਰਾ ਸਥਾਪਿਤ ਕੀਤੀ ਗਈ ਕਲਗੀਧਰ ਟਰਸਟ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਵਿੱਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ, ਕੀਰਤਨ ਅਤੇ ਉਨ੍ਹਾਂ ਦੇ ਜੀਵਨ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਬੱਚਿਆਂ ਨੇ ਕੀਰਤਨ ਅਤੇ ਕਵਿਤਾਵਾਂ ਰਾਹੀਂ ਬਾਬਾ ਇਕਬਾਲ ਸਿੰਘ ਜੀ ਦੇ ਜੀਵਨ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਅਕਾਲ ਅਕੈਡਮੀ ਦੀ ਇਹ ਖਾਸੀਅਤ ਹੈ ਕਿ ਉੱਥੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਗੁਰਮਤਿ ਅਤੇ ਉੱਚੇ-ਸੁੱਚੇ ਜੀਵਨ ਮੁੱਲਾਂ ਨਾਲ ਜੋੜਿਆ ਜਾਂਦਾ ਹੈ। ਬੱਚਿਆਂ ਵੱਲੋਂ ਪੇਸ਼ ਕੀਤੀਆਂ ਕਵਿਤਾਵਾਂ ਅਤੇ ਕੀਰਤਨ ਨਾ ਸਿਰਫ਼ ਉਨ੍ਹਾਂ ਦੀ ਕਲਾ ਨੂੰ ਦਰਸਾਉਂਦੇ ਹਨ, ਸਗੋਂ ਬਾਬਾ ਜੀ ਦੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਵੀ ਨਵੀਂ ਪੀੜ੍ਹੀ ਤੱਕ ਪਹੁੰਚਾਉਂਦੇ ਹਨ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਅਤੇ ਸਟਾਫ ਵੀ ਹਾਜ਼ਰ ਸਨ।