ਮੋਗਾ ਨਿਗਮ ਚੋਣਾਂ ‘ਚ ਭਾਜਪਾ ਦਾ ਵੱਡਾ ਦਾਅ, 50 ਸੀਟਾਂ ’ਤੇ ਲੜੇਗੀ ਚੋਣ
ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ
Publish Date: Sat, 16 May 2026 05:57 PM (IST)
Updated Date: Sun, 17 May 2026 04:07 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਹੈ। ਇਸੇ ਸਬੰਧੀ ਭਾਜਪਾ ਅਹੁਦੇਦਾਰਾਂ ਅਤੇ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਜੋਤ ਕਮਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਭਾਜਪਾ ਆਗੂ ਰਾਕੇਸ਼ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਭਾਰਤੀ ਜਨਤਾ ਪਾਰਟੀ ਨੇ ਮੋਗਾ ਦੀਆਂ ਸਾਰੀਆਂ 50 ਸੀਟਾਂ ‘ਤੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਭਾਜਪਾ ਲਈ ਇਤਿਹਾਸਕ ਸਾਬਤ ਹੋਣ ਵਾਲੀਆਂ ਹਨ ਕਿਉਂਕਿ ਪਹਿਲੀ ਵਾਰ ਪਾਰਟੀ ਆਪਣੇ ਚੋਣ ਨਿਸ਼ਾਨ ‘ਤੇ ਇਕੱਲੇ ਹੀ 50 ਦੀਆਂ 50 ਸੀਟਾਂ ‘ਤੇ ਚੋਣ ਲੜ ਰਹੀ ਹੈ। ਰਾਕੇਸ਼ ਸ਼ਰਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਭਾਜਪਾ ਨੂੰ ਮੋਗਾ ਵਿਚ ਉਮੀਦਵਾਰ ਨਹੀਂ ਮਿਲਣਗੇ, ਪਰ ਹਕੀਕਤ ਇਸ ਤੋਂ ਬਿਲਕੁਲ ਉਲਟ ਨਿਕਲੀ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੇ ਭਾਜਪਾ ਨਾਲ ਜੁੜਨ ਵਿਚ ਦਿਲਚਸਪੀ ਦਿਖਾਈ। ਵਪਾਰੀ ਵਰਗ, ਨੌਜਵਾਨ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਬਿਰਾਦਰੀਆਂ ਦੇ ਲੋਕਾਂ ਵੱਲੋਂ ਪਾਰਟੀ ਨੂੰ ਭਰਪੂਰ ਸਮਰਥਨ ਮਿਲਿਆ ਹੈ। ਇਸ ਮੌਕੇ ਰਾਕੇਸ਼ ਸ਼ਰਮਾ ਨੇ ਪ੍ਰਸ਼ਾਸਨ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਪੱਖਪਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਜਪਾ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਭਾਜਪਾ ਆਪਣਾ ਚੋਣ ਘੋਸ਼ਣਾ ਪੱਤਰ ਵੀ ਜਾਰੀ ਕਰੇਗੀ। ਇਸ ਮੌਕੇ ਸਾਬਕਾ ਪ੍ਰਧਾਨ ਡਾ ਸਿਮਾਤ ਗਰਗ, ਵਿਨੇ ਸ਼ਰਮਾ, ਵਿੱਕੀ ਸਿਤਾਰਾ, ਨਿੱਧੜਕ ਸਿੰਘ ਬਰਾੜ, ਮਨਪ੍ਰੀਤ ਸਿੰਘ, ਰਣਧੀਰ ਸਿੰਘ ਵੀਰਾਂ, ਕਮਲਜੀਤ ਕੌਰ ਧੱਲੇਕੇ, ਸਤਿੰਦਰ ਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।