ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ
ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜ਼ਰ
Publish Date: Tue, 19 May 2026 04:02 PM (IST)
Updated Date: Tue, 19 May 2026 04:04 PM (IST)

ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਟਾਰੀ ’ਚ ਚਰਨਜੀਤ ਕੌਰ ਉਰਫ ਮਨੂ ਪਤਨੀ ਭੁਪਿੰਦਰ ਸਿੰਘ ਉਰਫ ਭਿੰਦਾ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਲਈ ਹਦਾਇਤਾਂ ਪ੍ਰਾਪਤ ਕੀਤੀਆਂ ਗਈਆਂ ਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅੱਜ ਇਸ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਮਨਮੀਤ ਸਿੰਘ ਢਿੱਲੋਂ, ਐਸਪੀ (ਡੀ) ਨੇ ਦੱਸਿਆ ਕਿ ਚਰਨਜੀਤ ਕੌਰ ਉਰਫ ਮਨੂ ਪਤਨੀ ਭੁਪਿੰਦਰ ਸਿੰਘ ਉਰਫ ਭਿੰਦਾ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ 05 ਮੁਕੱਦਮੇ ਦਰਜ ਹਨ। ਮਨਮੀਤ ਸਿੰਘ ਢਿੱਲੋਂ, ਐਸਪੀ (ਡੀ) ਨੇ ਹੋਰ ਦੱਸਿਆ ਕਿ ਅਭਿਮੰਨਿਊ ਰਾਣਾ, ਆਈਪੀਐਸ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਵਿਆਪਕ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਦੀ ਜਾਇਦਾਦ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਰਾਹੀਂ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿਡਰ ਹੋ ਕੇ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ. ਬਚਨ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਰਾਜਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਬੀਡੀਪੀਓ ਬੋਹੜ ਸਿੰਘ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।