ਮਲੋਟ ਸ਼ਹਿਰ ’ਚ ਕਰਵਾਏ ਜਾ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ : ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ’ਚ ਪਾਈਪ ਲਾਈਨ ਵਿਛਾਏ ਜਾਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ
Publish Date: Tue, 24 Mar 2026 04:22 PM (IST)
Updated Date: Tue, 24 Mar 2026 04:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ’ਚ ਕਰੀਬ 3 ਕਿਲੋਮੀਟਰ ਲੰਬੀ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਅਤੇ ਵਾਰਡ ਨੰਬਰ 16 ਵਿੱਚ ਨਵੀਆਂ ਗਲੀਆਂ ਦੇ ਨਿਰਮਾਣ ਕੰਮ ਸ਼ਾਮਲ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਮਰੂਤ-2 ਸਕੀਮ ਤਹਿਤ ਲਗਭਗ 16.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਰੀਬ 3000 ਘਰਾਂ ਨੂੰ ਮੁਫਤ ਪਾਣੀ ਦੇ ਕਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 6.5 ਕਰੋੜ ਰੁਪਏ ਦੀ ਲਾਗਤ ਨਾਲ ਦਰਜਨ ਨਵੀਆਂ ਗਲੀਆਂ ਦੇ ਨਿਰਮਾਣ ਕੰਮਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸ਼ਹਿਰ ਦੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ’ਚ ਖੇਡਾਂ ਦੇ ਵਿਕਾਸ ਬਾਰੇ ਵੀ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬ ਨੂੰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਕਰਵਾਉਣ ਦੀ ਮਾਨਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 3000 ਪੇਂਡੂ ਖੇਡ ਸਟੇਡੀਅਮ ਬਣਾਏ ਜਾ ਚੁੱਕੇ ਹਨ ਅਤੇ ਲਗਭਗ 1000 ਹੋਰ ਸਟੇਡੀਅਮ ਬਣਾਏ ਜਾ ਰਹੇ ਹਨ। ਅੰਤ ’ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਈ.ਓ ਮੰਗਤ ਰਾਮ, ਐੱਸ.ਡੀ.ਓ ਵਿਸ਼ਵਜੀਤ ਸਿੰਘ , ਜੇ.ਈ ਰਜਿੰਦਰ ਸਿੰਘ ਤੇ ਹਰਜਿੰਦਰ ਸਿੰਘ, ਆਪ ਸ਼ਹਿਰੀ ਪ੍ਰਧਾਨ ਰਾਜੀਵ ਉੱਪਲ, ਜਸਮੀਤ ਬਰਾੜ, ਕੌਂਸਲਰ ਹਰਮੇਲ ਸਿੰਘ ਸੰਧੂ, ਪੀਏ ਅਰਸ਼ ਸਿੱਧੂ, ਪੀਏ ਛਿੰਦਰ ਪਾਲ ਸਿੰਘ, ਆਪ ਆਗੂ ਜੋਨੀ ਗਰਗ, ਦਫਤਰ ਇੰਚਾਰਜ ਵਿਕਰਾਂਤ ਖੁਰਾਣਾ, ਗੁਰਪਿਆਰ ਸਿੰਘ, ਬਲਦੇਵ ਰਾਜ ਸ਼ਰਮਾ, ਜਸਵਿੰਦਰ ਸਿੰਘ, ਸੋਨੂ ਸਿੱਧੂ, ਮੋਹਨ ਸਿੰਘ, ਇਕਬਾਲ ਸਿੰਘ ਅਤੇ ਸ਼ਹਿਰ ਵਾਸੀ ਹਾਜ਼ਰ ਸਨ।