ਪਿੰਡਾਂ ਅਤੇ ਸ਼ਹਿਰਾਂ ਦਾ ਕੀਤਾ ਜਾ ਰਿਹਾ ਹੈ ਸਰਵਪੱਖੀ ਵਿਕਾਸ : ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 75 ਲੱਖ ਰੁਪਏ ਦੀ ਲਾਗਤ ਨਾਲ ਮਲੋਟ ਹਲਕੇ ’ਚ ਸ਼ੁਰੂ ਕਰਵਾਏ ਵਿਕਾਸ ਕਾਰਜ
Publish Date: Mon, 04 May 2026 05:34 PM (IST)
Updated Date: Mon, 04 May 2026 05:35 PM (IST)

ਬਲਕਰਨ ਜਟਾਣਾ, ਪੰਜਾਬੀ ਜਾਗਰਣ ਮਲੋਟ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਲੋਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਹਲਕਾ ਮਲੋਟ ਤੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਗਰ ਕੌਂਸਲ ਵੱਲੋਂ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੀ ਡਿੱਗੀ ਦੇ ਸੁੰਦਰੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਡਿੱਗੀ ਦੇ ਆਲੇ-ਦੁਆਲੇ ਸੁੰਦਰ ਬੂਟੇ ਲਗਾਏ ਜਾਣਗੇ, ਟਾਇਲਾਂ ਲਗਾਈਆਂ ਜਾਣਗੀਆਂ ਅਤੇ ਰਾਤ ਸਮੇਂ ਰੌਸ਼ਨੀ ਲਈ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਡਿੱਗੀ ਦੇ ਚਾਰ ਚੁਫੇਰੇ ਸੁਰੱਖਿਆ ਲਈ ਜਾਲੀ ਲਗਾਈ ਜਾਵੇਗੀ ਅਤੇ ਲੋਕਾਂ ਦੀ ਸੈਰ ਲਈ ਟਰੈਕ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਸੁੰਦਰ ਅਤੇ ਸਾਫ-ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਲਗਭਗ 5 ਲੱਖ ਰੁਪਏ ਦੀ ਲਾਗਤ ਨਾਲ ਬੈਡਮਿੰਟਨ ਗਰਾਊਂਡ ਦੇ ਨਵੀਨੀਕਰਨ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਣ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਪੁੱਲ ਦੇ ਥੱਲੇ ਸਬਜ਼ੀ ਮੰਡੀ ਦੇ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਬਜ਼ੀ ਵੇਚਣ ਵਾਲੀਆਂ ਰੇਹੜੀਆਂ ਲਈ ਸੁਚੱਜਾ ਅਤੇ ਸੁੰਦਰ ਪ੍ਰਬੰਧ ਕੀਤਾ ਜਾਵੇਗਾ, ਜਿਸ ਨਾਲ ਟ੍ਰੈਫਿਕ ਸਮੱਸਿਆ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਵੀ ਸੁਵਿਧਾ ਮਿਲੇਗੀ। ਇਸ ਦੌਰਾਨ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਵਿਰਕ ਖੇੜਾ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਮਹਿਲਾਵਾਂ ਨੂੰ ਪੋਸ਼ਣ ਅਤੇ ਸਿੱਖਿਆ ਨਾਲ ਸੰਬੰਧਿਤ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਵੱਲੋਂ ਪਿੰਡ ਵਿਰਕ ਖੇੜਾ ਵਿੱਚ ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ ਇੰਟਰਲਾਕ ਟਾਇਲਾਂ ਲਗਾ ਕੇ ਗਲੀ ਨੂੰ ਪੱਕਾ ਕਰਨ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ। ਇਸ ਮੌਕੇ ਕਾਰਜਸਾਧਕ ਅਫਸਰ ਮੰਗਤ ਰਾਮ, ਸਤਿਗੁਰ ਦੇਵ ਪੱਪੀ, ਹਰਮੇਲ ਸਿੰਘ ਐਮ.ਸੀ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਵਿੰਦਰ ਕੌਰ, ਜਸਮੀਤ ਸਿੰਘ ਬਰਾੜ ਸ਼ਹਿਰੀ ਪ੍ਰਧਾਨ, ਰਾਜੀਵ ਉੱਪਲ ਸ਼ਹਿਰੀ ਪ੍ਰਧਾਨ, ਲਵ ਬੱਤਰਾ, ਪੀ.ਏ. ਸ਼ਿੰਦਰਪਾਲ ਸਿੰਘ ਅਤੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਹਾਜ਼ਰ ਸਨ।