ਸ਼ਹਿਰ ਦੇ ਸੀਵਰੇਜ ਸਿਸਟਮ ’ਚ ਸੁਧਾਰ ਲਈ 27 ਕਰੋੜ ਦਾ ਪ੍ਰਾਜੈਕਟ ਛੇਤੀ ਹੋਵੇਗਾ ਸ਼ੁਰੂ : ਡਾ. ਰਵਜੋਤ ਸਿੰਘ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ 31 ਹੋਪਰ ਟਿੱਪਰਾਂ ਨੂੰ ਦਿੱਤੀ ਹਰੀ ਝੰਡੀ
Publish Date: Fri, 17 Oct 2025 04:12 PM (IST)
Updated Date: Fri, 17 Oct 2025 04:14 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪਹਿਲਾਂ ਉਨ੍ਹਾਂ ਵੱਲੋਂ ਕੈਨਾਲ ਰੈਸਟ ਹਾਉਸ ਵਿਖੇ ਗਾਰਡ ਆਫ ਆਨਰ ਲੈਣ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਸਵੱਛ ਭਾਰਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਦਫਤਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ ਖਰੀਦੇ ਗਏ 31 ਹੋਪਰ ਟਿੱਪਰਾਂ ਅਤੇ 2 ਫਾਈਰਬ੍ਰਿਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵਿਸ਼ੇਸ਼ ਤੌਰ ’ਤੇ ਹਾਜਰ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਹੋਪਰ ਟਿੱਪਰਾਂ ਰਾਹੀਂ ਸ਼ਹਿਰ ਦੇ ਹਰ ਵਾਰਡ ’ਚ ਕੂੜੇ ਦੀ ਕੁਲੈਕਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਮ ਕਾਰਜਾਂ ਦੇ ਫੰਡਾ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸਤੋਂ ਇਲਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬੂੜਾ ਗੁੱਜਰ ਤੋਂ ਰੇਲਵੇ ਰੋਡ ਤੱਕ ਤਕਰੀਬਨ 96 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਸੜਕ ਦਾ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਕਾਫੀ ਦੇਰ ਤੋਂ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ ਅਤੇ ਇਸ ਨਾਲ ਸ਼ਹਿਰ ਦੇ ਸਥਾਨਕ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਸੀਵਰੇਜ ਸਿਸਟਮ ’ਚ ਸੁਧਾਰ ਲਿਆਉਣ ਲਈ ਤਕਰੀਬਨ 27 ਕਰੋੜ ਰੁਪਏ ਦਾ ਬਜਟ ਪਾਸ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਇਸਤੋਂ ਇਲਾਵਾ ਸ਼ਹਿਰ ’ਚ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਗਲੀਆਂ ਨਾਲ ਸਬੰਧਤ ਵਿਕਾਸ ਕੰਮਾਂ ਲਈ ਵੀ ਮਤੇ ਪ੍ਰਵਾਨ ਕੀਤੇ ਗਏ ਹਨ ਅਤੇ ਇਹ ਕੰਮ ਵੀ ਜਲਦ ਹੀ ਕਰਵਾਏ ਜਾਣਗੇ। ਇਸਤੋਂ ਇਲਾਵਾ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਸੈਰਗਾਹ ਵਾਲੀ ਜਗ੍ਹਾ ਦਾ ਵੀ ਜਾਇਜਾ ਲੈਂਦਿਆਂ ਕਿਹਾ ਕਿ ਜਲਦੀ ਹੀ ਇਸ ਦਾ ਸੁੰਦਰੀਕਰਨ ਕਰਕੇ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਅਤੇ ਸੈਰ ਕਰਨ ਲਈ ਉਨਾਂ ਦੇ ਸਪੁਰਦ ਕੀਤਾ ਜਾਵੇਗਾ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਇਨਾਂ ਪ੍ਰੈਜੋਕੇਟਾਂ ਅਧੀਨ ਕੀਤਾ ਜਾਣ ਵਾਲਾ ਖਰਚ ਐਮ.ਡੀ.ਐਫ ਗਰਾਂਟ ਅਧੀਨ ਪ੍ਰਾਪਤ ਹੋਇਆ ਹੈ, ਜਿਸ ਨਾਲ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਸੜਕਾ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਬਨਣ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਜਲਦ ਹੀ ਇਹ ਪ੍ਰੈਜੋਕਟ ਮੁਕੰਮਲ ਕਰਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹਨ ਤੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਕਾਰਜ ਸਾਧਕ ਅਫਸਰ ਵਰੁਣ ਕੁਮਾਰ ਸਹੋਤਾ, ਡੀਐਸਪੀ ਅਮਨਦੀਪ ਸਿੰਘ, ਕੱਚਾ ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਇੱਕਬਾਲ ਸਿੰਘ, ਸੁਖਜਿੰਦਰ ਸਿੰਘ ਬਬਲੂ ਬਰਾੜ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।