ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਵੋਟ ਦਿਓ : ਭਗਤੂਆਣਾ
ਚੰਗੇ ਅਕਸ ਅਤੇ ਲੋਕ ਹਿੱਤਾਂ ਲਈ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਵੋਟ ਦਿਓ : ਡਾ. ਗੁਰਚਰਨ ਭਗਤੂਆਣਾ
Publish Date: Sun, 17 May 2026 04:21 PM (IST)
Updated Date: Mon, 18 May 2026 04:03 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸਮਾਜ ਸੇਵਕ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਪੰਜਾਬ ਵਾਸੀਆਂ ਨੂੰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸੂਝਬੂਝ ਨਾਲ ਆਪਣੇ ਮਤ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਇੱਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦੀ ਬਹੁਤ ਵੱਡੀ ਮਹੱਤਤਾ ਹੁੰਦੀ ਹੈ ਅਤੇ ਹਰ ਵੋਟਰ ਨੂੰ ਆਪਣੀ ਕੀਮਤੀ ਵੋਟ ਇਮਾਨਦਾਰ, ਪਰਖੇ ਹੋਏ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਦੇਣੀ ਚਾਹੀਦੀ ਹੈ। ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੁੰਦਿਆਂ ਹੀ ਕਈ ਲੀਡਰ ਜਨਤਾ ਵਿਚ ਸਰਗਰਮ ਹੋ ਜਾਂਦੇ ਹਨ ਅਤੇ ਲੱਛੇਦਾਰ ਭਾਸ਼ਣਾਂ ਰਾਹੀਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦੇ ਹਨ। ਪਰ ਜਿਵੇਂ ਹੀ ਚੋਣਾਂ ਖ਼ਤਮ ਹੁੰਦੀਆਂ ਹਨ ਅਤੇ ਉਹ ਜਿੱਤ ਜਾਂਦੇ ਹਨ, ਤਾਂ ਅਗਲੇ ਪੰਜ ਸਾਲ ਲੋਕਾਂ ਨੂੰ ਲੱਭੇ ਤੋਂ ਵੀ ਨਹੀਂ ਲੱਭਦੇ। ਉਨ੍ਹਾਂ ਕਿਹਾ ਕਿ ਅਜਿਹੇ ਨੇਤਾਵਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਜੋ ਸਿਰਫ਼ ਚੋਣੀ ਮੌਸਮ ਵਿਚ ਹੀ ਲੋਕਾਂ ਦੇ ਦਰਵਾਜ਼ਿਆਂ ’ਤੇ ਨਜ਼ਰ ਆਉਂਦੇ ਹਨ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਵੋਟ ਪਾਉਣ ਤੋਂ ਪਹਿਲਾਂ ਉਸਦਾ ਚੋਣ ਮੈਨੀਫੈਸਟੋ ਧਿਆਨ ਨਾਲ ਪੜਿ੍ਹਆ ਜਾਵੇ ਅਤੇ ਇਹ ਵੀ ਦੇਖਿਆ ਜਾਵੇ ਕਿ ਉਮੀਦਵਾਰ ਨੇ ਪਿਛਲੇ ਸਮੇਂ ਦੌਰਾਨ ਲੋਕ ਹਿੱਤਾਂ ਲਈ ਕੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਵਾਅਦੇ ਕਰਨ ਨਾਲ ਵਿਕਾਸ ਨਹੀਂ ਹੁੰਦਾ, ਸਗੋਂ ਜਨਤਾ ਨਾਲ ਜੁੜੇ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਇੱਕ ਸੱਚੇ ਲੋਕ ਸੇਵਕ ਦੀ ਪਹਿਚਾਣ ਹੁੰਦੀ ਹੈ। ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪਹਿਲਾਂ ਨਾਲੋਂ ਕਾਫ਼ੀ ਜਾਗਰੂਕ ਹੋ ਚੁੱਕੇ ਹਨ ਅਤੇ ਉਹਨਾਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਦੀ ਪੂਰੀ ਸਮਝ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸੋਚ-ਸਮਝ ਕੇ ਆਪਣੇ ਨੁਮਾਇੰਦੇ ਚੁਣਣਗੇ ਤਾਂ ਹੀ ਇਲਾਕਿਆਂ ਦਾ ਸਰਵਪੱਖੀ ਵਿਕਾਸ ਸੰਭਵ ਹੋ ਸਕੇਗਾ। ਉਨ੍ਹਾਂ ਅੰਤ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਅਤੇ ਉਹਨਾਂ ਲੀਡਰਾਂ ਨੂੰ ਮੂੰਹ ਨਾ ਲਾਉਣ ਜੋ ਚੋਣਾਂ ਤੋਂ ਬਾਅਦ ਲੋਕਾਂ ਵਿਚੋਂ ਗਾਇਬ ਹੋ ਜਾਂਦੇ ਹਨ।