ਚੇਅਰਮੈਨ ਡਾ. ਲਛਮਣ ਸ਼ਰਮਾ ਵੱਲੋਂ ਅਨਾਜ ਮੰਡੀਆਂ ਦਾ ਦੌਰਾ
ਚੇਅਰਮੈਨ ਡਾ. ਲਛਮਣ ਭਗਤੂਆਣਾ ਵੱਲੋਂ ਅਨਾਜ ਮੰਡੀਆਂ ਦਾ ਦੌਰਾ
Publish Date: Mon, 20 Apr 2026 03:57 PM (IST)
Updated Date: Tue, 21 Apr 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਅੱਜ ਜੈਤੋ ਅਤੇ ਇਸ ਦੇ ਆਸ-ਪਾਸ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿਚ ਲਿਆਂਦੀਆਂ ਕਣਕ ਦੀਆਂ ਢੇਰੀਆਂ ਵਿਚ ਨਮੀ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਸੁਪਰਵਾਈਜ਼ਰਾਂ ਅਤੇ ਖ਼ਰੀਦ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਮੰਡੀ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਸਰਵਉੱਚ ਮੰਨਦੀ ਹੈ ਅਤੇ ਇਸੇ ਲਈ ਫ਼ਸਲ ਦੀ ਕਟਾਈ ਸ਼ੁਰੂ ਹੁੰਦੇ ਹੀ ਕਣਕ ਦੀ ਖ਼ਰੀਦ ਵੀ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਮਿਹਨਤ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖ਼ਰੀਦਿਆ ਜਾਵੇਗਾ ਅਤੇ ਕਿਸੇ ਵੀ ਫ਼ਸਲ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੈਤੋ ਮੰਡੀ ਸਮੇਤ ਸਾਰੀਆਂ ਸਬੰਧਤ ਮੰਡੀਆਂ ਵਿਚ ਸਫ਼ਾਈ, ਤੋਲ, ਭੰਡਾਰਨ ਅਤੇ ਆਵਾਜਾਈ ਲਈ ਬਿਹਤਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀ ਵਿਚ ਮੌਜੂਦ ਕਿਸਾਨਾਂ ਨੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨਾਲ ਗੱਲਬਾਤ ਦੌਰਾਨ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ, ਜਿਸ ’ਤੇ ਚੇਅਰਮੈਨ ਨੇ ਤੁਰੰਤ ਸਮੂਹ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮੰਡੀ ਵਿਚ ਪਾਰਦਰਸ਼ਤਾ ਅਤੇ ਸਮਾਂਬੱਧ ਖ਼ਰੀਦ ਨੂੰ ਤਰਜੀਹ ਦਿੱਤੀ ਜਾਵੇ। ਇਹ ਦੌਰਾ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤ ਤੋਂ ਬਾਜ਼ਾਰ ਤੱਕ ਦੀ ਪ੍ਰਕਿਰਿਆ ਵਿਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਰਜਿੰਦਰ ਸਿੰਘ, ਲੇਖਾਕਾਰ ਵਿਕਾਸ ਜੈਨ, ਮੰਡੀ ਸੁਪਰਵਾਈਜ਼ਰ ਸੁਰਿੰਦਰ ਸਿੰਘ ਢਿੱਲੋਂ, ਮੰਡੀ ਸੁਪਰਵਾਈਜ਼ਰ ਅਮਰਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਮੁਨੀਸ਼ ਕੁਮਾਰ, ਮੰਡੀ ਸੁਪਰਵਾਈਜ਼ਰ ਜਸਵਿੰਦਰਪਾਲ ਸ਼ਰਮਾ, ਨਵਦੀਪ ਸਿੰਘ ਮਾਨ ਭਗਤੂਆਣਾ, ਪੀ.ਏ. ਲਾਡੀ ਬਿਸ਼ਨੰਦੀ, ਸੁੱਖਾ ਰੋੜੀਕਪੂਰਾ ਆਦਿ ਹਾਜ਼ਰ ਸਨ।