ਖੇਤੀਬਾੜੀ ਇਨਪੁਟਸ ਦੀ ਮਿਆਰੀ ਉਪਲੱਬਧਤਾ ਲਈ ਕੀਤੀ ਚੈਕਿੰਗ
ਖੇਤੀਬਾੜੀ ਇਨਪੁਟਸ ਦੀ ਮਿਆਰੀ ਉਪਲੱਬਧਤਾ ਲਈ ਕੀਤੀ ਚੈਕਿੰਗ
Publish Date: Tue, 19 May 2026 06:15 PM (IST)
Updated Date: Tue, 19 May 2026 06:16 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਗੁਰਜੀਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡਾ. ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਅੰਦਰ ਖੇਤੀ ਇਨਪੁਟਸ ਦੀ ਮਿਆਰੀ ਉਪਲਬਧਤਾ ਕਰਵਾਉਣ ਲਈ ਜ਼ਿਲ੍ਹੇ ਦੇ ਉਡਣ ਦਸਤੇ ਅਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਖੇਤੀ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਦਾ ਸਹੀ ਰਿਕਾਰਡ ਰੱਖਣਾ, ਕਿਸੇ ਕਿਸਮ ਦੀ ਟੈਗਿੰਗ ਜਾਂ ਕਾਲਾ ਬਾਜ਼ਾਰੀ ਤੋਂ ਰੋਕਣਾ ਹੈ। ਇਸ ਟੀਮ ਵੱਲੋਂ ਮੈਸ: ਸ੍ਰੀ ਕ੍ਰਿਸ਼ਨਾ ਟਰੇਡਰਜ਼, ਮੈਸ: ਗਣੇਸ਼ ਫਰਟੀਲਾਈਜ਼ਰ ਆਦਿ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਕੀਟਨਾਸ਼ਕ ਦਵਾਈਆਂ, ਖਾਦਾਂ ਅਤੇ ਬੀਜ਼ਾਂ ਦਾ ਮੁਕੰਮਲ ਰਿਕਾਰਡ ਚੈੱਕ ਕੀਤਾ ਗਿਆ। ਟੀਮ ਵੱਲੋਂ ਡੀਲਰਾਂ ਪਾਸ ਪਏ ਸਟਾਕ ਦੀ ਪੜਤਾਲ ਕੀਤੀ ਗਈ ਅਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਭਰੇ ਗਏ। ਚੈਕਿੰਗ ਦੌਰਾਨ ਇਨ੍ਹਾਂ ਡੀਲਰਾਂ ਦੇ ਰਿਕਾਰਡ ਵਿੱਚ ਕੁੱਝ ਖਾਮੀਆਂ ਪਾਈਆਂ ਗਈਆਂ, ਜਿਸ ਸਬੰਧੀ ਸਬੰਧਤ ਫ਼ਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਇਸ ਉਪਰੰਤ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਾਰੇ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੰਮ ਕਰਨ ਅਤੇ ਕਿਸਾਨਾਂ ਨੂੰ ਜ਼ਰੂਰਤ ਅਨੁਸਾਰ ਅਤੇ ਸਿਫਾਰਸ਼ਸੁ਼ਦਾ ਵਸਤਾਂ ਦੀ ਹੀ ਵਿਕਰੀ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਡੀਲਰ ਖਾਦਾਂ ਦੇ ਨਾਲ ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਦਾ ਹੈ ਤਾਂ ਵਿਭਾਗ ਦੇ ਬਲਾਕ ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਤਾਲਮੇਲ ਕੀਤਾ ਜਾਵੇ। ਇਸ ਚੈਕਿੰਗ ਟੀਮ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਇਲਾਵਾ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਸਨ।