ਸੀਐੱਮ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਅੱਜ : ਲਖਰਾਜ ਸਿੰਘ
ਸੀਐੱਮ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਅੱਜ : ਲਖਰਾਜ ਸਿੰਘ
Publish Date: Sat, 25 Apr 2026 04:41 PM (IST)
Updated Date: Sat, 25 Apr 2026 04:43 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਲਖਰਾਜ ਸਿੰਘ ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 26 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ’ਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (ਪੀਆਈਸੀਟੀਈਐੱਸ) ਦੇ ਨਾਂ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨਾਂ ਦੱਸਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ, ਪਰ ਅਮਲੀ ਰੂਪ ਵਿੱਚ ਹਮੇਸਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆਂ ਤੋਂ ਰੁਖਸਤ ਹੋ ਗਏ ਹਨ ਅਤੇ 4 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ, ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ।