ਕਮਿਊਨਿਸ਼ਟ ਤੇ ਮੁਲਾਜ਼ਮ ਆਗੂ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 37ਵੀਂ ਬਰਸੀ ਮਨਾਈ
ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ
Publish Date: Sun, 19 Oct 2025 06:40 PM (IST)
Updated Date: Sun, 19 Oct 2025 06:41 PM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਵੱਲੋਂ ਹਰ ਸਾਲ ਦੀ ਤਰ੍ਹਾਂ ਬੱਸ ਸਟੈਂਡ ਵਿਖੇ ਆਪਣੇ ਮਹਿਬੂਬ ਆਗੂ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 37ਵੀਂ ਬਰਸੀ ਮਨਾਈ ਗਈ। ਇਸ ਮੌਕੇ ਰੋਡਵੇਜ਼ ਦੇ ਕਾਮਿਆਂ ਦੇ ਨਾਲ-ਨਾਲ ਬਿਜਲੀ ਬੋਰਡ, ਪੀਆਰਟੀਸੀ ਮੁਲਾਜ਼ਮ, ਆਂਗਨਵਾੜੀ, ਆਸ਼ਾ ਵਰਕਰ, ਮਜ਼ਦੂਰ, ਕਿਸਾਨ, ਨਰੇਗਾ, ਨੌਜਵਾਨ, ਵਿਦਿਆਰਥੀਆਂ ਦੀਆਂ ਜਥੇਬੰਦੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਆਏ ਹੋਏ ਲੋਕਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਕਿਰਤੀ ਲੋਕਾਂ ਦੇ ਹੱਕਾਂ ਹਿੱਤਾਂ ਦੀ ਖਾਤਰ ਦਿੱਤੀ। ਕੁਰਬਾਨੀ ਦਾ ਪੰਜਾਬ ਰੋਡਵੇਜ਼ ਦੇ ਕਾਮਿਆਂ ਦੇ ਨਾਲ ਨਾਲ ਸਮੂਹ ਕਿਰਤੀ ਲੋਕਾਂ ਨੇ ਸੱਚਮੁੱਚ ਮੁੱਲ ਪਾਇਆ ਹੈ। ਉਨ੍ਹਾਂ ਦੀ 37ਵੀਂ ਬਰਸੀ ਤੇ ਇੰਨੀ ਵੱਡੀ ਗਿਣਤੀ ਵਿਚ ਤੁਹਾਡਾ ਪਹੁੰਚਣਾ ਉਨ੍ਹਾਂ ਦੀ ਹਰਮਨਪਿਆਰਤਾ ਦੀ ਗਵਾਹੀ ਭਰਦਾ ਹੈ। ਇਸ ਮੌਕੇ ਏਟਕ ਦੇ ਸਕੱਤਰ ਕਾਮਰੇਡ ਵਿਦਿਆ ਸਾਗਰ ਗਿਰੀ ਨੇ ਕਿਹਾ ਕਿ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ ਸੋਚ ’ਤੇ ਪਹਿਰਾ ਦੇ ਕੇ ਹੀ ਅੱਜ ਆਪਾਂ ਪਬਲਿਕ ਸੈਕਟਰ ਦੀ ਰਾਖੀ ਕਰ ਸਕਦੇ ਹਾਂ। ਪ੍ਰਾਈਵੇਟ ਸੈਕਟਰ ਤਾਂ ਹਰ ਖੇਤਰ ਵਿਚ ਲੋਕਾਂ ਦੀ ਲੁੱਟ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਪਬਲਿਕ ਸੈਕਟਰ ਨੂੰ ਤਬਾਹ ਕਰਕੇ ਕੁਝ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀਆਂ ਹਨ। ਇਸ ਰੁਝਾਨ ਨੂੰ ਠੱਲ ਸਿਰਫ ਕਾਮਰੇਡ ਧਾਲੀਵਾਲ ਦੀ ਸੋਚ ਵਾਲੀਆਂ ਕਮਿਊਨਿਸਟ ਪਾਰਟੀਆਂ ਨੂੰ ਮਜ਼ਬੂਤ ਕਰ ਕੇ ਹੀ ਪਾਈ ਜਾ ਸਕਦੀ ਹੈ। ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਵਰਕਿੰਗ ਪ੍ਰਧਾਨ ਸੁਖਦੇਵ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਨੂੰ ਯਾਦ ਕਰਦਿਆਂ ਪਬਲਿਕ ਸੈਕਟਰ ਦੀ ਮਜ਼ਬੂਤੀ ਲਈ ਇੱਕਜੁਟ ਹੋਣ ਦਾ ਸੱਦਾ ਦਿੱਤਾ। ਸਰਵ ਭਾਰਤ ਨੌਜਵਾਨ ਸਭਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਮਹੇਸ਼ਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵੱਲ ਜਾ ਰਹੇ ਹਨ, ਜਿਸ ਦਾ ਕਿ ਸਰਕਾਰਾਂ ਨੂੰ ਕੋਈ ਫਿਕਰ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਪਾਰਲੀਮੈਂਟ ਵਿਚ ਨੌਜਵਾਨਾਂ ਨੂੰ ਕੰਮ ਦੀ ਗਰੰਟੀ ਦਿੰਦਾ ਭਗਤ ਸਿੰਘ ਨੈਸ਼ਨਲ ਰੁਜ਼ਗਾਰ ਗਰੰਟੀ ਐਕਟ ਬਣੇਗਾ ਬਣਨਾ ਚਾਹੀਦਾ ਹੈ ਤਾਂ ਹੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਤਾਰੀ, ਪ੍ਰਧਾਨ ਦੀਦਾਰ ਸਿੰਘ ਮੰਡ, ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ, ਡਾ. ਸੁਰਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ ਛੀਨਾ, ਗੁਰਦੀਪ ਸਿੰਘ ਮੁੱਲਾਂਪੁਰ, ਨਰੇਗਾ ਰੁਜਗਾਰ ਪ੍ਰਾਪਤ ਧਰਮਕੋਰ ਆਦਿ ਹਾਜ਼ਰ ਸਨ।