ਜ਼ਿਲ੍ਹਾ ਕਾਂਗਰਸ ਐੱਸ ਸੀ ਸੈੱਲ ਦੇ ਨਵੇਂ ਬਣੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਦਾ ਕਾਂਗਰਸੀਆਂ ਵੱਲੋਂ ਭਰਵਾਂ ਸਵਾਗਤ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜ਼ਿਲ੍ਹਾ ਕਾਂਗਰਸ ਕਮੇਟੀ ਐੱਸ ਸੀ ਸੈੱਲ ਫ਼ਰੀਦਕੋਟ ਦੇ ਨਵ-ਨਿਯੁਕਤ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ ’ਚ ਕਾਂਗਰਸੀਆਂ ਵੱਲੋਂ ਗਰਮਜੋਸ਼ੀ ਅਤੇ ਭਰਵੇਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੁਰਸੇਵਕ ਸਿੰਘ ਜੈਤੋ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਾਂਗਰਸ ਵਰਕਰਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਨਵੇਂ ਚੇਅਰਮੈਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਹਾਈਕਮਾਨ ਦੇ ਫ਼ੈਸਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਗੁਰਸੇਵਕ ਸਿੰਘ ਜੈਤੋ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਮਹੱਤਵਪੂਰਨ ਜ਼ਿੰਮੇਵਾਰੀ ਨਾ ਸਿਰਫ਼ ਗੁਰਸੇਵਕ ਸਿੰਘ ਜੈਤੋ ਲਈ ਸਨਮਾਨ ਦੀ ਗੱਲ ਹੈ, ਸਗੋਂ ਇਸ ਨਾਲ ਐੱਸ.ਸੀ. ਸੈੱਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਗੁਰਸੇਵਕ ਸਿੰਘ ਜੈਤੋ ਦੀ ਨਿਯੁਕਤੀ ਇਸ ਗੱਲ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਗੁਰਸੇਵਕ ਸਿੰਘ ਜੈਤੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਨਵੇਂ ਬਣੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੇ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚਲਣਗੇ ਅਤੇ ਐੱਸ.ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਾਰਟੀ ਮੰਚ ’ਤੇ ਮਜ਼ਬੂਤੀ ਨਾਲ ਉਠਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੋਕ-ਹਿਤੈਸ਼ੀ ਸੋਚ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਡਟ ਕੇ ਕੰਮ ਕਰਨਗੇ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਰਾਹੁਲ ਕੁਮਾਰ ਜੈਤੋ, ਕਾਂਗਰਸ ਪਾਰਟੀ ਐੱਸ.ਸੀ. ਵਿੰਗ ਦੇ ਸਟੇਟ ਕੋਆਰਡੀਨੇਟਰ ਬਲਕਰਨ ਸਿੰਘ ‘ਡੀਸਰ’ ਸੂਰਘੁਰੀ, ਕਾਂਗਰਸੀ ਆਗੂ ਸੱਤਾ ਸਿੰਘ ਭਾਊ ਕਾਸਮ ਭੱਟੀ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਲਾਭ ਸਿੰਘ ਸੈਕਟਰੀ ਅਜਿੱਤਗਿੱਲ, ਅੰਗਰੇਜ਼ ਸਿੰਘ ਗੇਜੀ, ਜਗਜੀਤ ਸਿੰਘ ਝੱਖੜਵਾਲਾ, ਜਸਵੰਤ ਸਿੰਘ ਬਰਾੜ ਸਮੇਤ ਕਈ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।