ਪੈਟਰੋਲ-ਡੀਜ਼ਲ ਕੀਮਤਾਂ ਵਿਚ ਲਗਾਤਾਰ ਵਾਧਾ ਲੋਕਾਂ ਲਈ ਘਾਤਕ ਸਾਬਤ ਹੋ ਰਿਹਾ : ਨਛੱਤਰ ਸਿੰਘ ਜੈਤੋ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਲਗਾਤਾਰ ਚੌਥੇ ਵਾਧੇ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਜੈਤੋ ਨੇ ਇਸ ਫ਼ੈਸਲੇ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿਚ ਹੋ ਰਿਹਾ ਲਗਾਤਾਰ ਵਾਧਾ ਆਮ ਲੋਕਾਂ ਦੀ ਕਮਰ ਤੋੜ ਰਿਹਾ ਹੈ ਅਤੇ ਦੇਸ਼ ਨੂੰ ਇੱਕ ਵੱਡੇ ਆਰਥਿਕ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਦਾ ਅਸਰ ਸਿਰਫ਼ ਆਵਾਜਾਈ ਖੇਤਰ ਤੱਕ ਸੀਮਿਤ ਨਹੀਂ ਰਹਿੰਦਾ, ਸਗੋਂ ਖੇਤੀਬਾੜੀ, ਵਪਾਰ, ਉਦਯੋਗ ਅਤੇ ਆਮ ਘਰੇਲੂ ਜੀਵਨ ’ਤੇ ਵੀ ਗੰਭੀਰ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਮਹਿੰਗਾ ਹੋਣ ਨਾਲ ਖੇਤੀਬਾੜੀ ਦੀ ਲਾਗਤ ਵਿਚ ਵੱਡਾ ਵਾਧਾ ਹੋ ਰਿਹਾ ਹੈ, ਜਿਸ ਨਾਲ ਪਹਿਲਾਂ ਹੀ ਕਰਜ਼ੇ ਅਤੇ ਮੰਦਹਾਲੀ ਨਾਲ ਜੂਝ ਰਹੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੌਥੀ ਵਾਰ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਹਾਲਾਤਾਂ ਨੂੰ ਦੇਖਦਿਆਂ ਇਹ ਡਰ ਬਣਿਆ ਹੋਇਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ। ਇਸ ਨਾਲ ਮਹਿੰਗਾਈ ਹੋਰ ਬੇਕਾਬੂ ਹੋ ਜਾਵੇਗੀ ਅਤੇ ਆਮ ਲੋਕਾਂ ਲਈ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤਾਂ ਖ਼ਰੀਦਣੀਆਂ ਵੀ ਔਖੀਆਂ ਹੋ ਜਾਣਗੀਆਂ। ਨਛੱਤਰ ਸਿੰਘ ਜੈਤੋ ਨੇ ਦੋਸ਼ ਲਗਾਇਆ ਕਿ ਵਧ ਰਹੀਆਂ ਤੇਲ ਕੀਮਤਾਂ ਦੀ ਸਭ ਤੋਂ ਵੱਡੀ ਮਾਰ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਟਰਾਂਸਪੋਰਟਰਾਂ ’ਤੇ ਪੈ ਰਹੀ ਹੈ। ਟਰਾਂਸਪੋਰਟ ਖ਼ਰਚ ਵਧਣ ਕਾਰਨ ਰੋਜ਼ਮਰਰਾ ਦੀਆਂ ਵਸਤਾਂ ਦੇ ਭਾਅ ਲਗਾਤਾਰ ਚੜ੍ਹ ਰਹੇ ਹਨ, ਜਿਸ ਨਾਲ ਆਮ ਜਨਤਾ ਦੀ ਜੇਬ ’ਤੇ ਵਾਧੂ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਤੇਲ ਕੀਮਤਾਂ ਵਿਚ ਲਗਾਤਾਰ ਵਾਧਾ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਗੰਭੀਰ ਬਣਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਕੇਂਦਰ ਸਰਕਾਰ ਦੀ ਨੀਤੀ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਮ ਲੋਕਾਂ ਦੀ ਪਰੇਸ਼ਾਨੀ ਅਤੇ ਆਰਥਿਕ ਹਾਲਾਤਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹਰ ਵਰਗ ਪਹਿਲਾਂ ਹੀ ਆਰਥਿਕ ਦਬਾਅ ਹੇਠ ਜੀਵਨ ਬਤੀਤ ਕਰ ਰਿਹਾ ਹੈ ਤਾਂ ਅਜਿਹੇ ਫ਼ੈਸਲੇ ਲੋਕਾਂ ਲਈ ਹੋਰ ਵੱਡੀ ਚਿੰਤਾ ਬਣ ਰਹੇ ਹਨ। ਨਛੱਤਰ ਸਿੰਘ ਜੈਤੋ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ, ਤਾਂ ਜੋ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਜਨਤਾ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਲੋਕ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੜਕਾਂ ’ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।