ਡੀਸੀ ਮੋਗਾ ਨੇ ਪਲਾਸਟਿਕ ਲਿਫ਼ਾਫ਼ਿਆਂ ’ਤੇ ਲਗਾਈ ਪੂਰਨ ਤੌਰ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ
Publish Date: Tue, 03 Mar 2026 04:57 PM (IST)
Updated Date: Wed, 04 Mar 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ ਯੂਜ਼ਿਜ਼ ਐਂਡ ਡਿਸਪੋਜ਼ਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪਲਾਸਟਿਕ ਲਿਫਾਫਿਆਂ ਦੀ ਸ਼ਰ੍ਹੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੌਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖ਼ਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫ਼ਾਫ਼ੇ ਸੀਵਰੇਜ ਪ੍ਰਣਾਲੀ ਨੂੰ ਖ਼ਾਸ ਤੌਰ ’ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿਚ ਰੁਕਾਵਟ ਦਾ ਕਾਰਨ ਬਣਦੇ ਹਨ। ਪਲਾਸਟਿਕ ਵਿਚ ਰੰਗਣ ਪਦਾਰਥ ਅਤੇ ਜ਼ਹਿਰੀਲਾਪਨ ਕਈ ਬਿਮਾਰੀਆਂ ਪੈਦਾ ਕਰਦਾ ਹੈ। ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ -ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿਚ ਭਾਰੀ ਵਿਘਨ ਪੈਂਦਾ ਹੈ। ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ਼ (ਮੈਨੂਪੈਕਟਰਿੰਗ, ਯੂਜ਼ਿਜ਼ ਐਂਡ ਡਿਸਪੋਜਲ) ਕੰਟਰੋਲ ਐਕਟ, 2005 ਅਨੁਸਾਰ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ’ਤੇ ਪਾਬੰਦੀ ਲਗਾਉਣੀ ਲੋਕ ਹਿੱਤ ਵਿਚ ਜ਼ਰੂਰੀ ਹੈ । ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ’ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗਜ਼ਾਤ ਆਦਿ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਪ੍ਰਾਪਰਟੀਜ਼/ ਸਰਕਾਰੀ ਇਮਾਰਤਾਂ ਉੱਪਰ ਆਮ ਜਨਤਾ ਵੱਲੋਂ ਹੱਥ ਨਾਲ ਲਿਖ ਕੇ ਜਾਂ ਪੋਸਟਰ, ਫੋਟੋਆਂ ਅਤੇ ਹੋਰ ਕਈ ਪ੍ਰਕਾਰ ਦੇ ਕਾਗਜਾਤ ਮਸ਼ਹੂਰੀ ਹਿੱਤਾਂ ਲਈ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖ਼ਤਮ ਕਰਕੇ ਇਨ੍ਹਾਂ ਨੂੰ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤਾਂ ਦੇ ਵਿਰੁੱਧ ਹੈ। ਇਹ ਦੋਵੇਂ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ।