ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਐਲਪੀਜੀ ਗੈਸ ਏਜੰਸੀ ਡੀਲਰਾਂ ਅਤੇ ਪੈਟਰੋਲ ਪੰਪ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਐਲਪੀਜੀ ਗੈਸ ਏਜੰਸੀ ਡੀਲਰਾਂ ਅਤੇ ਪੈਟਰੋਲ ਪੰਪ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਜ਼ਿਲ੍ਹੇ ਵਿੱਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਵਿਭਾਗਾਂ ਨਾਲ ਨਿਰੰਤਰ ਸੰਪਰਕ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਗਾਹਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਉਣ ਦੇਣ ਅਤੇ ਨਿਯਮਾਂ ਅਨੁਸਾਰ ਹੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਘਾਟ ਪੈਦਾ ਕਰਨ ਜਾਂ ਮਾਲ ਸਟਾਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਾਰੇ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਰਾਹੀਂ ਫੈਲ ਰਹੀਆਂ ਨਕਾਰਾਤਮਕ ਖ਼ਬਰਾਂ ਅਤੇ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ।
ਮੀਟਿੰਗ ਦੌਰਾਨ ਸਾਰੇ ਡੀਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਪਲਾਈ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬੇਲੋੜੀ ਖਰੀਦਦਾਰੀ ਤੋਂ ਬਚਣ ਅਤੇ ਸਿਰਫ਼ ਆਪਣੀ ਲੋੜ ਅਨੁਸਾਰ ਹੀ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਖਰੀਦਦਾਰੀ ਕਰਨ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਕ ਜਾਣਕਾਰੀ ’ਤੇ ਹੀ ਵਿਸ਼ਵਾਸ ਕਰਨ। ਇਸ ਮੌਕੇ ਡੀ.ਐਫ.ਐਸ.ਸੀ. ਗੁਰਜੀਤ ਸਿੰਘ, ਕ੍ਰਿਸ਼ਨਾ ਮੁਰਾਰੀ ਸੇਲਜ਼ ਅਫਸਰ ਐਚ.ਪੀ.ਸੀ.ਐਲ. ਸ਼ਮਸ਼ੇਰ ਸਿੰਘ ਸੇਲਜ਼ ਅਫਸਰ ਬੀ.ਪੀ.ਸੀ.ਐਲ ਤੋਂ ਇਲਾਵਾ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਮੂਹ ਗੈਸ ਏਜੰਸੀਆਂ ਦੇ ਨੁੰਮਾਇੰਦੇ ਹਾਜ਼ਰ ਸਨ।