ਨਾੜ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਚੌਕਸ
ਡਿਪਟੀ ਕਮਿਸ਼ਨਰ ਨੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Publish Date: Mon, 04 May 2026 05:13 PM (IST)
Updated Date: Tue, 05 May 2026 04:05 AM (IST)

ਹਰਪ੍ਰੀਤ ਸਿੰਘ ਚਾਨਾ (ਸਟਾਫ ਰਿਪੋਰਟਰ), ਪੰਜਾਬੀ ਜਾਗਰਣ, ਫਰੀਦਕੋਟ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜਿਲ੍ਹਾ ਫ਼ਰੀਦਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜਿਲ੍ਹੇ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਮੀਟਿੰਗ ਵਿੱਚ ਹਾਜ਼ਿਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਵਿਜਿਟ ਕਰਨ ਅਤੇ ਕਿਸਾਨਾਂ ਨੂੰ ਕਣਕ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਪਾਬੰਦ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨ ਇਸ ਕੰਮ ਲਈ ਬਹੁਤ ਅਹਿਮ ਹਨ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅੱਗ ਦੀਆਂ ਘਟਨਾਵਾਂ ਵੱਧ ਸਕਦੀਆਂ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ, ਨੁੱਕੜ ਮੀਟਿੰਗਾਂ, ਪ੍ਰਚਾਰ ਵੈਨਾਂ, ਸੋਸ਼ਲ ਮੀਡੀਆ ਆਦਿ ਰਾਹੀਂ ਕਣਕ ਦੇ ਨਾੜ ਨੂੰ ਖੇਤ ਵਿੱਚ ਵਾਹੁਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਆਪਣੇ ਖੇਤਾਂ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ ਅਤੇ ਬੇਲੋੜੀਆਂ ਖਾਦਾਂ ਦੇ ਖਰਚੇ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਨ ਵਿੱਚ ਤਪਸ਼ ਜਿਆਦਾ ਹੋਣ ਨਾਲ ਸਾਰੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਦੌਰਾਨ ਹਵਾ ਖੁਸ਼ਕ ਹੋਣ ਕਰਕੇ ਦਰੱਖਤ ਤੇ ਹੋਰ ਬਨਸਪਤੀ ਵੀ ਸੜ ਜਾਂਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸਾਂਭ—ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਪੁਨੀਤ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ, ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਗੁਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਫਰੀਦਕੋਟ, ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਫਰੀਦਕੋਟ, ਰਵੀਦੀਪ ਸਿੰਗਲਾ ਵਾਤਾਵਰਨ ਇੰਜੀਨੀਅਰ ਫਰੀਦਕੋਟ, ਸ਼ੁਭਕਰਮਨ ਸਿੰਘ ਸਹਾਇਕ ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਫਰੀਦਕੋਟ ਹਾਜ਼ਿਰ ਸਨ।