ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਦੇ ਨਿਰਦੇਸ਼
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ
Publish Date: Mon, 18 May 2026 03:51 PM (IST)
Updated Date: Tue, 19 May 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਇਸ ਸੰਬੰਧੀ ਜ਼ਿਲ੍ਹਾ ਮੋਗਾ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵੱਲੋਂ ਕੀਤੀ ਗਈ ਪ੍ਰੀ ਐੱਸਆਈਆਰ ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ 7 ਲੱਖ 56 ਹਜ਼ਾਰ 373 ਵੋਟਰਾਂ ’ਚੋਂ 6 ਲੱਖ 63 ਹਜ਼ਾਰ 331 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.70 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ’ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸੇ ਲੜੀ ਤਹਿਤ ਜ਼ਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਮੇਂ-ਸਮੇਂ ’ਤੇ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਐੱਸਆਈਆਰ ਸਬੰਧੀ ਸਮੁੱਚੀ ਜਾਣਕਾਰੀ ਦਿੱਤੀ ਜਾਵੇਗੀ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਐੱਸਆਈਆਰ ਦਾ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਮੋਗਾ ਵਿਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐੱਲਓਜ਼ ਘਰ ਘਰ ਜਾ ਕੇ ਵੋਟਰਾਂ ਨੂੰ ਫ਼ਾਰਮ ਵੰਡਣਗੇ। ਜ਼ਿਲ੍ਹੇ ਦੇ ਸਮੂਹ ਵੋਟਰਾਂ ਭਾਵੇ ਉਨ੍ਹਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਹੋਇਆ ਹੋਵੇ ਜਾ ਨਾ ਹੋਇਆ ਹੋਵੇ, ਨੂੰ ਗਣਨਾ ਫ਼ਾਰਮ ਭਰਨੇ ਜ਼ਰੂਰੀ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਘਰ ਵਿਚ ਨਹੀਂ ਮਿਲਦਾ ਤਾਂ ਬੀਐੱਲਓ ਉਨ੍ਹਾਂ ਦੇ ਬੰਦ ਘਰ ਦੇ ਦਰਵਾਜ਼ੇ ਥੱਲੇ ਵੀ ਇਹ ਫ਼ਾਰਮ ਛੱਡ ਕੇ ਆਵੇਗਾ। ਉਨ੍ਹਾਂ ਕਿਹਾ ਕਿ ਲਿਸਟ ਪਬਲਿਸ਼ ਕਰਨ ਤੋਂ ਪਹਿਲਾਂ ਬੀਐੱਲਓ ਨੇ ਆਪਣੇ ਦੁਆਰਾ ਬਣਾਈ ਗਈ ਏਐੱਸਡੀਡੀ ਲਿਸਟ ਬੀਐੱਲਏ ਬੂਥ ਲੈਵਲ ਏਜੰਟ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਸਾਂਝੀ ਕਰੇਗਾ ਅਤੇ ਉਸ ਲਿਸਟ ਦੇ ਹਰ ਇਕ ਪੇਜ ਉੱਪਰ ਸਾਰੀਆਂ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਬੀਐੱਲਏ (ਬੂਥ ਲੈਵਲ ਏਜੰਟ) ਦੇ ਹਸਤਾਖ਼ਰ ਕਰਵਾਏਗਾ।