ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਸਪਲਾਈ ਦਾ ਜਾਇਜ਼ਾ
ਜ਼ਿਲ੍ਹਾ ਮੋਗਾ ਵਿਚ ਪੈਟਰੋਲ, ਡੀਜ਼ਲ
Publish Date: Tue, 19 May 2026 05:16 PM (IST)
Updated Date: Wed, 20 May 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਵਿਚ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਸਪਲਾਈ ਤੇ ਡਿਲਵਰੀ ਦੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈਜ਼ ਕੰਟਰੋਲਰ ਮੋਗਾ ਅਤੇ ਵੱਖ-ਵੱਖ ਤੇਲ ਮਾਰਕੀਟਿੰਗ ਕੰਪਨੀਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਆਇਲ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਮੋਗਾ ਵਿਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵੀ ਪੈਟਰੋਲ ਪੰਪ ’ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ’ਤੇ ਕੋਈ ਪਾਬੰਦੀ ਨਹੀਂ ਹੈ ਹਾਲਾਂਕਿ ਗੈਰ ਅਧਿਕਾਰਤ ਕੰਟੇਨਰਾਂ ਵਿਚ ਤੇਲ ਦੀ ਵਿਕਰੀ ਅਤੇ ਲੋੜ ਤੋਂ ਵੱਧ ਤੇਲ ਦੀ ਵਿਕਰੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਕੁਝ ਪੈਟਰੋਲ ਪੰਪਾਂ ਨੂੰ ਐਡਵਾਂਸ ਭੁਗਤਾਨ ਪ੍ਰਣਾਲੀ ਕਾਰਨ ਅਸਥਾਈ ਦਿੱਕਤਾਂ ਆਈਆਂ ਹਨ ਪਰ ਸਾਰੇ ਪੰਪਾਂ ਨੂੰ ਲੋੜ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਜਿਹੜੇ ਪੰਪਾਂ ’ਤੇ ਤੇਲ ਦਾ ਸਟਾਕ ਖ਼ਤਮ ਹੋਣ ਦੀ ਸਥਿਤੀ ਵਿਚ ਹਨ, ਉਨ੍ਹਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਸਪਲਾਈ ਕੀਤੀ ਜਾ ਰਹੀ ਹੈ। ਘਰੈਲੂ ਗੈਸ ਦੀ ਸਪਲਾਈ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗੈਸ ਸਿਲੰਡਰਾਂ ਦੀ ਸਪਲਾਈ ਵੀ ਨਿਯਮਿਤ ਤੌਰ ’ਤੇ ਜਾਰੀ ਹੈ। ਭਾਰਤ ਗੈਸ, ਐੱਚਪੀ ਗੈਸ ਅਤੇ ਇੰਡੇਨ ਗੈਸ ਏਜੰਸੀਆਂ ਵੱਲੋਂ ਰੋਜ਼ਾਨਾ ਹਜ਼ਾਰਾਂ ਗੈਸ ਸਿਲੰਡਰ ਖ਼ਪਤਕਾਰਾਂ ਤੱਕ ਪਹੁੰਚਾਏ ਜਾ ਰਹੇ ਹਨ। ਕੁੱਝ ਦਿਨ ਪਹਿਲਾਂ ਪੈਨਿਕ ਬੁਕਿੰਗ ਕਾਰਨ ਡਿਲੀਵਰੀ ਵਿਚ ਦੇਰੀ ਹੋਈ ਸੀ ਪਰ ਹੁਣ ਸਥਿਤੀ ਵਿਚ ਕਾਫ਼ੀ ਸੁਧਾਰ ਆਇਆ ਹੈ। ਡਿਪਟੀ ਕਮਿਸ਼ਨਰ ਮੋਗਾ ਨੇ ਸਮੂਹ ਆਇਲ ਮਾਰਕੀਟਿੰਗ ਕੰਪਨੀਆਂ ਅਤੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਤੇਲ ਜਾਂ ਗੈਸ ਦੀ ਬੇਲੋੜੀ ਸਟਾਕਿੰਗ ਜਾਂ ਪੈਨਿਕ ਬੁਕਿੰਗ ਤੋਂ ਗੁਰੇਜ਼ ਕੀਤਾ ਜਾਵੇ।