ਨਗਰ ਨਿਗਮ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਣਿਆ ਸਿਆਸੀ ਕੇਂਦਰ
ਮੋਗਾ ਵਿਚ ਹੋਣ ਵਾਲੀਆਂ ਨਗਰ
Publish Date: Tue, 19 May 2026 07:16 PM (IST)
Updated Date: Wed, 20 May 2026 04:08 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਪੂਰੀ ਤਰ੍ਹਾਂ ਸਿਆਸੀ ਗਤੀਵਿਧੀਆਂ ਦਾ ਕੇਂਦਰ ਬਣਿਆ ਰਿਹਾ। ਨਾਮਜ਼ਦਗੀਆਂ ਵਾਪਸ ਲੈਣ ਅਤੇ ਚੋਣ ਨਿਸ਼ਾਨਾਂ ਦੀ ਵੰਡ ਦੀ ਪ੍ਰਕਿਰਿਆ ਕਾਰਨ ਸਵੇਰੇ ਤੋਂ ਹੀ ਦਫ਼ਤਰ ਦੇ ਅੰਦਰ ਅਤੇ ਬਾਹਰ ਉਮੀਦਵਾਰਾਂ, ਪਾਰਟੀ ਆਗੂਆਂ ਅਤੇ ਸਮਰਥਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਹਰ ਪਾਸੇ ਚੋਣੀ ਚਰਚਾਵਾਂ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਦੇ ਨਾਲ ਪ੍ਰਸ਼ਾਸਨਿਕ ਦਫ਼ਤਰਾਂ ਵਿਚ ਆਉਂਦੇ-ਜਾਂਦੇ ਨਜ਼ਰ ਆਏ। ਭਾਰਤੀ ਜਨਤਾ ਪਾਰਟੀ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਵਿਚ ਆਪਣੇ ਅਧਿਕਾਰਕ ਉਮੀਦਵਾਰਾਂ ਦੇ ਨਾਲ ਕਈ ਕਵਰਿੰਗ ਉਮੀਦਵਾਰ ਵੀ ਖੜ੍ਹੇ ਕੀਤੇ ਗਏ ਸਨ। ਸਿਆਸੀ ਪਾਰਟੀਆਂ ਦਾ ਮਕਸਦ ਇਹ ਸੀ ਕਿ ਜੇ ਕਿਸੇ ਤਕਨੀਕੀ ਕਾਰਨ ਕਰਕੇ ਮੁੱਖ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋ ਜਾਂਦੀ ਹੈ ਤਾਂ ਪਾਰਟੀ ਦਾ ਚੋਣ ਨਿਸ਼ਾਨ ਕਵਰਿੰਗ ਉਮੀਦਵਾਰ ਨੂੰ ਦਿੱਤਾ ਜਾ ਸਕੇ ਅਤੇ ਪਾਰਟੀ ਚੋਣ ਮੈਦਾਨ ਵਿਚ ਬਣੀ ਰਹੇ। ਮੰਗਲਵਾਰ ਨੂੰ ਹੋਈ ਕਾਰਵਾਈ ਦੌਰਾਨ ਜ਼ਿਆਦਾਤਰ ਕਵਰਿੰਗ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਇਸ ਕਾਰਨ ਦਫ਼ਤਰਾਂ ਵਿਚ ਲੰਬੀਆਂ ਲਾਈਨਾਂ ਅਤੇ ਉਮੀਦਵਾਰਾਂ ਦੀ ਭੀੜ ਲੱਗੀ ਰਹੀ। ਕਈ ਉਮੀਦਵਾਰ ਚੋਣ ਨਿਸ਼ਾਨਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਵੀ ਵਾਰ-ਵਾਰ ਸੰਬੰਧਿਤ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਪਹੁੰਚਦੇ ਰਹੇ। ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਦਫ਼ਤਰ ਵਿਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ’ਤੇ ਨਿਗਰਾਨੀ ਰੱਖੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਨਜ਼ਰ ਆਈ। ਚੋਣੀ ਮਾਹੌਲ ਕਾਰਨ ਦਿਨ ਭਰ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦਫ਼ਤਰ ਦੇ ਬਾਹਰ ਚੋਣੀ ਚਰਚਾਵਾਂ ਅਤੇ ਅਗਲੇ ਦੌਰ ਦੀਆਂ ਰਣਨੀਤੀਆਂ ਨੂੰ ਲੈ ਕੇ ਆਗੂਆਂ ਵਿਚਾਲੇ ਲਗਾਤਾਰ ਵਿਚਾਰ-ਵਟਾਂਦਰਾ ਚੱਲਦਾ ਰਿਹਾ। ਹੈਰਾਨੀ ਦੀ ਗੱਲ ਇਹ ਰਹੀ ਕਿ ਦਿਨ ਭਰ ਚੱਲੀ ਇਸ ਮਹੱਤਵਪੂਰਨ ਪ੍ਰਕਿਰਿਆ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਸ਼ਾਮ 7 ਵਜੇ ਤੱਕ ਵੀ ਇਹ ਸਪਸ਼ਟ ਨਹੀਂ ਕਰ ਸਕਿਆ ਕਿ ਹੁਣ ਚੋਣ ਮੈਦਾਨ ਵਿਚ ਕੁੱਲ ਕਿੰਨੇ ਉਮੀਦਵਾਰ ਰਹਿ ਗਏ ਹਨ ਅਤੇ ਕਿੰਨੇ ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਅਧਿਕਾਰਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਉਧਰ ਸਿਆਸੀ ਪਾਰਟੀਆਂ ਵੱਲੋਂ ਹੁਣ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਨਾਮ ਵਾਪਸੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਸਾਰੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਵਿਚ ਜਨਤਾ ਨਾਲ ਸੰਪਰਕ ਵਧਾਉਣ ਅਤੇ ਚੋਣੀ ਮਾਹੌਲ ਨੂੰ ਆਪਣੇ ਹੱਕ ਵਿਚ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉੱਤਰਣਗੇ।