ਮੰਡੀਆਂ ’ਚ ਬੇਨਿਯਮੀ ਬਰਦਾਸ਼ਤ ਨਹੀਂ : ਧਰਮਜੀਤ
ਮੰਡੀਆਂ ’ਚ ਕਿਸੇ ਵੀ ਕਿਸਮ ਦੀ ਅਵਿਵਸਥਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਧਰਮਜੀਤ ਰਾਮੇਆਣਾ
Publish Date: Sun, 26 Apr 2026 04:48 PM (IST)
Updated Date: Mon, 27 Apr 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਸੂਰਘੁਰੀ, ਮੜ੍ਹਾਕ ਸਮੇਤ ਕਈ ਦੀਆਂ ਦਾਣਾ ਮੰਡੀਆਂ ਦਾ ਤੂਫ਼ਾਨੀ ਦੌਰਾ ਕਰਕੇ ਕਣਕ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ। ਉਨ੍ਹਾਂ ਖ਼ਾਸ ਤੌਰ ’ਤੇ ਮੰਡੀਆਂ ਵਿਚ ਪੀਣ ਯੋਗ ਸਾਫ਼ ਪਾਣੀ, ਬੈਠਣ ਲਈ ਛਾਂਦਾਰ ਸ਼ੈੱਡ, ਲਾਈਟਾਂ ਦਾ ਪੂਰਨ ਪ੍ਰਬੰਧ, ਸਫ਼ਾਈ ਅਤੇ ਬਾਰਦਾਨੇ ਦੀ ਪੂਰੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਮੰਡੀਆਂ ਵਿਚ ਤੋਲ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ, ਕਣਕ ਦੀ ਢੇਰੀਆਂ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਬੇਲੋੜੀ ਦੇਰੀ ਤੋਂ ਬਚਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਅਵਿਵਸਥਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿਚ ਹਰ ਤਰ੍ਹਾਂ ਦੀ ਬੁਨਿਆਦੀ ਅਤੇ ਜ਼ਰੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਮੰਡੀਆਂ ਵਿਚ ਆ ਰਹੀਆਂ ਕਿਸੇ ਵੀ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਸਹਿਯੋਗੀ ਰਵੱਈਆ ਅਪਣਾਇਆ ਜਾਵੇ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਸੂਰਘੁਰੀ, ਸਰਪੰਚ ਦਵਿੰਦਰ ਸਿੰਘ ਮੜ੍ਹਾਕ, ਪੰਚ ਭੋਲਾ ਸਿੰਘ, ਧਰਮਿੰਦਰ ਸਿੰਘ ਸੂਰਘੁਰੀ, ਗੁਰਜੰਟ ਸਿੰਘ ਸੂਰਘੁਰੀ, ਗੁਰਭੇਜ ਸਿੰਘ ਸੂਰਘੁਰੀ, ਗੁਰਾ ਸਿੰਘ ਸੂਰਘੁਰੀ, ਗੁਰਪ੍ਰੀਤ ਸਿੰਘ ਮਲਹੋਤਰਾ ਰਾਮੇਆਣਾ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਕਿਸਾਨ ਹਾਜ਼ਰ ਸਨ।