ਨਾੜ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ
Publish Date: Mon, 11 May 2026 03:46 PM (IST)
Updated Date: Tue, 12 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਇਸ ਦੀ ਖੇਤਾਂ ਵਿਚ ਹੀ ਸਾਂਭ ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਣਕ ਦੀ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਗ੍ਰਾਫ਼ ਨੂੰ ਘਟਾਉਣ ਲਈ ਲਗਾਤਾਰ ਪੁਰਜੋਰ ਉਪਰਾਲੇ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਲਗਾਤਾਰ ਫੀਲਡ ਵਿਚ ਨਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ ਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਖੇਤਾਂ ਵਿਚ ਹੀ ਮਿਲਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਕਣਕ ਦੀ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਨੋਡਲ ਅਫ਼ਸਰਾਂ, ਕਲਸਟਰ ਅਫ਼ਸਰਾਂ ਤੇ ਐੱਸਡੀਐੱਮਜ਼ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜ੍ਹੀ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਾਉਂਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਅਸਰਦਾਰ ਤਰੀਕੇ ਦੇ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਇਸ ਕਣਕ ਦੇ ਨਾੜ ਨੂੰ ਅੱਗ ਲਾਏ ਜਾਣ ਨਾਲ ਜਿੱਥੇ ਜੀਵ ਜੰਤੂਆਂ ਨੂੰ ਖ਼ਤਰਾ ਪੈਦਾ ਹੁੰਦਾ ਹੈ, ਉਨ੍ਹਾਂ ਦਾ ਨੁਕਸਾਨ ਹੁੰਦਾ ਹੈ ਤੇ ਉਸ ਦੇ ਨਾਲ ਨਾਲ ਜਿਹੜਾ ਜ਼ਮੀਨ ਦੀ ਸਿਹਤ ’ਤੇ ਵੀ ਇਸ ਨਾਲ ਬਹੁਤ ਮਾੜਾ ਅਸਰ ਪੈਂਦਾ ਹੈ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆ ਨੂੰ ਲਗਾਤਾਰ ਫੀਲਡ ਦਾ ਦੌਰਾ ਹੌਟਸਪੋਟ ਵਾਲੇ ਖ਼ੇਤਰ ਜਾਂ ਪਿੰਡ ਉੱਪਰ ਵਿਸ਼ੇਸ਼ ਨਿਗਰਾਨੀ ਕਰਨ, ਸੈਮੀਨਾਰ ਲਗਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆ ਨੂੰ ਕਿਹਾ ਕਿ ਉਹ ਲੋਕਾਂ ਦੇ ਨਾਲ ਪਿੰਡਾਂ ਦੇ ਵਿਚ ਜਾ ਕੇ ਸਿੱਧਾ ਰਾਬਤਾ ਬਣਾਉਣ ਤਾਂ ਉਨ੍ਹਾਂ ਨੂੰ ਅੱਗ ਲਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੱਜੇ ਢੰਗ ਨਾਲ ਦੱਸਿਆ ਜਾ ਸਕੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸਾੜਨ ਦੀ ਥਾਂ ਉਸ ਦਾ ਖੇਤਾਂ ਵਿਚ ਨਿਪਟਾਰਾ ਕਰਨ।