ਨਗਰ ਕੌਂਸਲ/ਨਗਰ ਪੰਚਾਇਤਨਗਰ ਕੌਂਸਲ/ਨਗਰ ਪੰਚਾਇਤ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮੋਗਾ ਪੁਲਿਸ ਪੂਰੀ ਤਰਾਂ ਚੌਕਸ ਅਤੇ ਵਚਨਬੱਧ ਹੈ। ਸਰਤਾਜ ਸਿੰਘ ਚਾਹਲ ਐੱਸਐੱਸਪੀ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਜੋ ਕਿ 26 ਮਈ ਨੂੰ ਹੋਣ ਜਾ ਰਹੀਆਂ ਹਨ, ਦੇ ਮੱਦੇਨਜਰ ਸਮੂਹ ਗਜਟਿਡ ਅਫਸਰਾਨ/ਮੁੱਖ ਅਫ਼ਸਰਾਨ ਥਾਣਾ ਨੂੰ ਜ਼ਿਲ੍ਹੇ ਵਿਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿਚ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਅਨੁਸਾਰ ਭਗੌੜਿਆਂ (ਪੀਓ), ਬੇਲ/ਪੈਰੋਲ-ਜੰਪਰਜ਼ ਅਤੇ ਚੋਣਾਂ ਦੌਰਾਨ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਗੈਰ-ਜਮਾਨਤੀ ਵਾਰੰਟ ਦੀ ਤਾਮੀਲ ਨੂੰ 100 ਫ਼ੀਸਦੀ ਲਾਗੂ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਸੰਪੂਰਣ ਹੋ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦਾ ਪੂਰਨ ਭਰੋਸਾ ਦੇਣ ਲਈ ਫ਼ੋਰਸ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਅਸਰਦਾਰ ਢੰਗ ਨਾਲ ਨਾਕਾਬੰਦੀ ਕਰਕੇ ਚੈਕਿੰਗ ਤੋਂ ਇਲਾਵਾ ਫਲੈਗ਼ ਮਾਰਚ ਕੱਢੇ ਜਾ ਰਹੇ ਹਨ। ਜ਼ਿਲ੍ਹੇ ਨਾਲ ਲਗਦੀਆਂ ਮੁੱਖ ਸੜਕਾਂ ਉੱਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਸਮਗਲਿੰਗ ਉੱਪਰ ਕੜੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਪਹੁੰਚਾਉਣ ਲਈ ਸਪੈਸ਼ਲ ਕਾਰਡਨ ਅਤੇ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਦੀਆਂ ਲਿੰਕ ਸੜਕਾਂ ਉੱਪਰ ਪਟਰੋਲਿੰਗ ਪਾਰਟੀਆਂ ਨਾਲ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਮੁੱਖ ਅਫ਼ਸਰ ਥਾਣਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉੱਪਰ ਕਰੜੀ ਨਜ਼ਰ ਰੱਖਣ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਚੋਣਾਂ ਦੌਰਾਨ ਗੰਨ ਹਾਊਸ, ਕਾਊਂਟਿੰਗ ਸੈਂਟਰਾਂ, ਸਟੋਰੇਜ ਸੈਟਰਾਂ, ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਆਦੇਸ਼ ਜਾਰੀ ਕੀਤੇ ਕਿ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਏਰੀਆ ਵਿਚ ਦਾਖਲ ਨਾ ਹੋਣ ਦਿੱਤਾ ਜਾਵੇ ਅਤੇ ਸ਼ੱਕੀ ਵਿਅਕਤੀ/ਵਹੀਕਲਾਂ ਦੀ ਚੈਕਿੰਗ ਕੀਤੀ ਜਾਵੇ। ਐੱਸਐੱਸਪੀ ਚਾਹਲ ਨੇ ਆਮ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹੋਏ ਕਿਹਾ ਹੈ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮੋਗਾ ਪੁਲਿਸ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੋਗਾ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਅਮਨ-ਅਮਾਨ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਗਲਤ ਜਾਣਕਾਰੀ ਜਾਂ ਕਾਨੂੰਨ ਵਿਰੋਧੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜ਼ਿਲ੍ਹਾ ਪੁਲਿਸ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਬਿਨ੍ਹਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ।