‘ਆਪ’ ਆਗੂਆਂ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀਆਂ ਮੁਬਾਰਕਾਂ
ਡਾ. ਲਛਮਣ ਭਗਤੂਆਣਾ ਅਤੇ ਧਰਮਜੀਤ ਰਾਮੇਆਣਾ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀਆਂ ਮੁਬਾਰਕਾਂ
Publish Date: Fri, 06 Mar 2026 03:55 PM (IST)
Updated Date: Sat, 07 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਵੀਰਵਾਰ ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਧਰਮਜੀਤ ਸਿੰਘ ਰਾਮੇਆਣਾ ਨੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਆਬਕਾਰੀ ਮਾਮਲੇ ’ਚ ਬਰੀ ਹੋਣ ’ਤੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਦਿਲੋਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਧਰਮਜੀਤ ਸਿੰਘ ਰਾਮੇਆਣਾ ਨੇ ਦਿੱਲੀ ਦੀ ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਇਸਨੂੰ ਹਰਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਬਣਾਇਆ ਇਹ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਸੀ। ਉਨ੍ਹਾਂ ਮਾਣਯੋਗ ਅਦਾਲਤ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ‘ਆਪ’ ਪੰਜਾਬ ਪ੍ਰਦੇਸ਼ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਸੱਚਾਈ, ਇਨਸਾਫ਼ ਅਤੇ ਇਮਾਨਦਾਰ ਰਾਜਨੀਤੀ ਦੀ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਜਾਂ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਮਾਨਦਾਰ ਰਾਜਨੀਤੀ ਅਤੇ ਸੱਚਾਈ ਦੀ ਜਿੱਤ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਵਰਗੇ ਇਮਾਨਦਾਰ ਨੇਤਾ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀਆਂ ਸਾਜ਼ਿਸ਼ਾਂ ਆਖ਼ਿਰਕਾਰ ਨਾਕਾਮ ਰਹੀਆਂ ਹਨ ਅਤੇ ਹੁਣ ਇਸ ਫ਼ੈਸਲੇ ਨਾਲ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ।