ਡਾ. ਅਸ਼ੋਕ ਸਿੰਗਲਾ ਸਿਵਲ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਡਾ. ਅਸ਼ੋਕ ਸਿੰਗਲਾ ਸਿਵਲ ਸਰਜਨ ਮੋਗਾ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਲੂ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂ ਲੱਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਉਨ੍ਹਾਂ ਕਿਹਾ ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂੂ ਲੱਗ ਹੀ ਨਹੀਂ ਸਕਦੀ ਪ੍ਰੰਤੂ ਇਕ ਰਿਪੋਰਟ ਦੇ ਅਨੁਸਾਰ ਲੂ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬਿਮਾਰੀ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਗਰਮੀ ਜਾਂ ਲੂ ਲੱਗਣ ਦੇ ਲੱਛਣ
ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਜੀਅ ਖਰਾਬ ਹੋਣਾ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਕਰਕੇ ਪਿੱਤ ਦਾ ਹੋਣਾ, 0 ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿਚ ਦਰਦ, ਲਾਲ ਗਰਮ ਤੇਖੁਸ਼ਕ ਚਮੜੀ ਲੂ ਲੱਗਣ ਵਿਚ ਮਰੀਜ਼ ਨੂੰ ਪਸੀਨਾ ਆਉਂਦੇ ਰਹਿਣਾ ਇਕ ਵਧੀਆ ਲੱਛਣ ਹੈ, ਇਸ ਨਾਲ ਸਰੀਰ ਦਾ ਤਾਪਮਾਨ ਸਥਿਰ ਰਹਿੰਦਾ ਹੈ।
ਖ਼ਤਰਨਾਕ ਸਥਿਤੀ :1 ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104 105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਹੋ ਜਾਵੇ, ਮਰੀਜ਼ ਦਾ ਬੇਹੋਸ਼ ਹੋ ਜਾਣਾ, ਘਬਰਾਹਟ ਹੀ ਘਬਰਾਹਟ ਵਿਚ ਹੋਣਾ ਜਾਂ ਪਾਗਲਾਂ ਵਰਗਾ ਵਿਵਹਾਰ ਕਰਨ ਲੱਗ ਪੈਣਾ।
ਲੂ ਦੇ ਲੱਛਣ ਨਜ਼ਰ ਆਉਣ ਤੇ ਕੀ ਕੀਤਾ ਜਾਵੇ
ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਵਿਅਕਤੀ ਨੂੰ ਪੀਣ ਲਈ ਕੁੱਝ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ, ਬੁਖਾਰ ਨੂੰ ਘੱਟ ਕਰਨ ਦੇ ਲਈ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ, ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ
ਗਰਮੀ ’ਚ ਲੂਅ ਤੋਂ ਬਚਣ ਦੇ ਲਈ ਕੀ ਕੀਤਾ ਜਾਵੇ
ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਜ਼ਿਆਦਾ ਮਾਤਰਾ ਵਿਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓਆਰਐੱਸ ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ, ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਲੋੜ ਪੈਣ ’ਤੇ ਹੀ ਨਿਕਲਿਆ ਜਾਵੇ
ਕੀ ਨਾ ਕੀਤਾ ਜਾਵੇ :
ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏਸੀ ਵਾਲੇ ਕਮਰੇ ਵਿਚ ਬੈਠਣ ਤੋਂ ਬਾਅਦ ਇਕ ਦਮ ਧੁੱਪ ਵਿਚ ਨਾ ਨਿਕਲਿਆ ਜਾਵੇ, ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਅਧੀਨ ਏਰੀਆ ਵਿਚ ਸਿਹਤ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲੇ ਆਮ ਜਨਤਾ ਨੂੰ ਲੂ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ ਡਾਕਟਰ ਸਿੰਗਲਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਿਹਤ ਵਿਭਾਗ ਦੁਆਰਾ ਲੂ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਜ਼ਿਆਦਾ ਸਮਾਂ ਘਰ ਵਿਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਇਸ ਮੌਕੇ ’ਤੇ ਹਾਜ਼ਰ ਡਾ. ਗੌਰਵਪ੍ਰੀਤ ਸਿੰਘ ਸੋਢੀ ਜ਼ਿਲ੍ਹਾ ਟੀਬੀ ਅਫਸਰ, ਸੁਮਿਤ ਬਜਾਜ ਜ਼ਿਲ੍ਹਾ ਕੈਸ਼ੀਅਰ ਅਤੇ ਡਾ. ਨਰੇਸ਼ ਆਮਲਾ ਵੀ ਹਾਜ਼ਰ ਸਨ।