ਬੈਂਕਾਂ ’ਚ ਕੈਸ਼ ਦੀ ਕਮੀ ਕਾਰਨ ਲੋਕਾਂ ’ਚ ਸਹਿਮ : ਦੌਲਤਪੁਰਾ
ਬੈਂਕਾਂ ’ਚ ਕੈਸ਼ ਦੀ ਕਮੀ ਕਾਰਨ
Publish Date: Mon, 18 May 2026 03:54 PM (IST)
Updated Date: Tue, 19 May 2026 04:01 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਬੈਂਕਾਂ ’ਚ ਕੈਸ਼ ਦੀ ਕਮੀ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਬੈਂਕਾਂ ਵਿਚ ਲੋਕਾਂ ਨੂੰ ਪੂਰਾ ਕੈਸ਼ ਨਾ ਮਿਲਣ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਹੈ ਕਿ ਵੱਖ-ਵੱਖ ਬਲਾਕਾਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਆਮ ਲੋਕ ਆਪਣੀ ਜ਼ਰੂਰਤ ਲਈ ਬੈਂਕਾਂ ਵਿਚ ਪੈਸੇ ਕਢਵਾਉਣ ਜਾ ਰਹੇ ਹਨ ਪਰ ਉਨ੍ਹਾਂ ਨੂੰ ਪੂਰੀ ਰਕਮ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ ਅਤੇ ਜਨਤਾ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕਾਂ ਵੱਲੋਂ ਲੋਕਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰਨ ਜਾਂ ਸੀਮਤ ਰਕਮ ਜਾਰੀ ਕਰਨ ਕਾਰਨ ਆਮ ਵਰਗ ਨੂੰ ਰੋਜ਼ਾਨਾ ਦੇ ਲੈਣ-ਦੇਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵਿਚ ਇਹ ਚਿੰਤਾ ਵਧਦੀ ਜਾ ਰਹੀ ਹੈ ਕਿ ਆਖ਼ਿਰਕਾਰ ਬੈਂਕਾਂ ਵਿਚ ਕੈਸ਼ ਦੀ ਘਾਟ ਕਿਉਂ ਪੈਦਾ ਹੋ ਰਹੀ ਹੈ ਅਤੇ ਉਨ੍ਹਾਂ ਦੀ ਜਮ੍ਹਾਂ ਪੁੰਜੀ ਉਨ੍ਹਾਂ ਨੂੰ ਸਮੇਂ ’ਤੇ ਕਿਉਂ ਨਹੀਂ ਮਿਲ ਰਹੀ। ਭੁਪਿੰਦਰ ਸਿੰਘ ਦੌਲਤਪੁਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ’ਤੇ ਤੁਰੰਤ ਨੋਟਿਸ ਲਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਮੋਗਾ ਜ਼ਿਲ੍ਹੇ ਅੰਦਰ ਪ੍ਰਧਾਨ ਮੰਤਰੀ ਯੋਜਨਾਵਾਂ ਤਹਿਤ ਬਣ ਰਹੀਆਂ ਸੜਕਾਂ ਦੇ ਅਧੂਰੇ ਕੰਮਾਂ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਖਾਸ ਤੌਰ ’ਤੇ ਡਗਰੂ ਤੋਂ ਤਲਵੰਡੀ ਭਾਈ ਤੱਕ ਬਣ ਰਹੀ ਸੜਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸੜਕ ਕਾਫ਼ੀ ਸਮੇਂ ਤੋਂ ਅਧੂਰੀ ਪਈ ਹੈ ਅਤੇ ਲੋਕਾਂ ਲਈ ਮੁਸੀਬਤ ਦਾ ਕਾਰਨ ਬਣੀ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸੰਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ ਚੱਲ ਰਹੇ ਸਾਰੇ ਸੜਕ ਪ੍ਰੋਜੈਕਟਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਮਿਲ ਸਕੇ। ਇਸ ਮੌਕੇ ਅਨੁਸ਼ਾਸਨ ਕਮੇਟੀ ਮੈਂਬਰ ਅਤੇ ਸਾਬਕਾ ਸਰਪੰਚ ਇਕਬਾਲ ਸਿੰਘ ਗਲੋਟੀ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਸਾਬਕਾ ਸਰਪੰਚ ਲਖਵੀਰ ਸਿੰਘ, ਆਗੂ ਸੁਖਚੈਨ ਸਿੰਘ ਬਰਾੜ ਕੰਨੀਆ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਸਮੇਤ ਹੋਰ ਆਗੂ ਵੀ ਹਾਜ਼ਰ ਸਨ।