ਵੋਟਾਂ ਦੀਆਂ ਪੇਟੀਆਂ ਖੋਲ੍ਹ ਕੇ ਚੋਣ ਨਤੀਜਿਆਂ ਨਾਲ ਕੀਤੀ ਗਈ ਛੇੜਛਾੜ : ਮਾਲਵਿਕਾ ਸੂਦ
ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ
Publish Date: Sat, 30 May 2026 04:57 PM (IST)
Updated Date: Sat, 30 May 2026 04:59 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਚੋਣ ਪ੍ਰਕਿਰਿਆ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਵੋਟਾਂ ਵਾਲੀਆਂ ਪੇਟੀਆਂ ਦੀਆਂ ਸੀਲਾਂ ਪਹਿਲਾਂ ਤੋਂ ਟੁੱਟੀਆਂ ਹੋਈਆਂ ਸਨ ਅਤੇ ਸਰਕਾਰ ਵੱਲੋਂ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀ ਪੱਖੋਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਚੋਣ ਮੈਦਾਨ ਵਿਚ ਹਿੱਸਾ ਲਿਆ ਸੀ ਅਤੇ ਪਾਰਟੀ ਵਰਕਰਾਂ ਨੇ ਦਿਨ-ਰਾਤ ਇਕ ਕਰ ਕੇ ਲੋਕਾਂ ਦਾ ਭਰੋਸਾ ਜਿੱਤਣ ਲਈ ਕੰਮ ਕੀਤਾ। ਪਰ ਜਿਸ ਤਰੀਕੇ ਨਾਲ ਵੋਟਾਂ ਦੀ ਗਿਣਤੀ ਦੌਰਾਨ ਮਤਪੇਟੀਆਂ ਖੋਲ੍ਹੀਆਂ ਗਈਆਂ, ਉਸ ਨੇ ਪੂਰੀ ਚੋਣ ਪ੍ਰਕਿਰਿਆ ’ਤੇ ਹੀ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਾਂ ਦੀਆਂ ਪੇਟੀਆਂ ਨੂੰ ਖੋਲ੍ਹਿਆ ਗਿਆ, ਉਨ੍ਹਾਂ ਦੀਆਂ ਸੀਲਾਂ ਪਹਿਲਾਂ ਹੀ ਟੁੱਟੀਆਂ ਹੋਈਆਂ ਸਨ, ਜੋ ਬਹੁਤ ਹੀ ਗੰਭੀਰ ਮਾਮਲਾ ਹੈ। ਇਹ ਸਿਰਫ਼ ਚੋਣ ਨਿਯਮਾਂ ਦੀ ਉਲੰਘਣਾ ਹੀ ਨਹੀਂ, ਸਗੋਂ ਲੋਕਤੰਤਰ ਦੀ ਭਾਵਨਾ ਖ਼ਿਲਾਫ਼ ਵੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਆਪਣੇ ਹੱਕ ਵਿੱਚ ਨਤੀਜੇ ਕਰਵਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਵਰਤੇ ਗਏ। ਮਾਲਵਿਕਾ ਸੂਦ ਨੇ ਦੱਸਿਆ ਕਿ ਜਿੱਥੇ-ਜਿੱਥੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ, ਉੱਥੇ ਵੀ ਸਰਕਾਰੀ ਤੰਤਰ ਵੱਲੋਂ ਨਤੀਜਿਆਂ ਨੂੰ ਰੋਕਣ ਅਤੇ ਬਦਲਣ ਦੀ ਕੋਸ਼ਿਸ਼ ਕੀਤੀ ਗਈ। ਕਈ ਥਾਵਾਂ ’ਤੇ ਕਾਂਗਰਸੀ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਜਿੱਤ ਦਾ ਅਧਿਕਾਰਕ ਐਲਾਨ ਕਰਵਾਉਣ ਲਈ ਲੰਮਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇੱਕ ਆਗੂ ਸਾਹਿਲ ਅਰੋੜਾ ਨਾਲ ਅਭਦਰ ਵਿਵਹਾਰ ਵੀ ਕੀਤਾ ਗਿਆ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਦੇ ਫ਼ੈਸਲੇ ਨੂੰ ਦਬਾਉਣ ਲਈ ਦਬਾਅ ਅਤੇ ਧੱਕੇਸ਼ਾਹੀ ਦਾ ਸਹਾਰਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਹਾਈਕਮਾਂਡ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਮਿਲਣਗੇ, ਉਸ ਅਨੁਸਾਰ ਅਗਲੀ ਕਾਨੂੰਨੀ ਅਤੇ ਸਿਆਸੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਜਾਰੀ ਰੱਖੇਗੀ।