ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਰੈਲੀ
Publish Date: Mon, 25 May 2026 03:57 PM (IST)
Updated Date: Mon, 25 May 2026 03:58 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਵਰਕਾਮ ਅਤੇ ਟ੍ਰਾਂਸਕੋ ਅਧੀਨ ਕੰਮ ਕਰਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਸਾਂਝੀ ਰੋਸ ਰੈਲੀ ਕੀਤੀ ਗਈ, ਜਿਸ ਤੋਂ ਬਾਅਦ ਮਾਰਚ ਕੀਤਾ ਗਿਆ। ਇਸ ਰੋਸ ਰੈਲੀ ਦੀ ਪ੍ਰਧਾਨਗੀ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਮੁਕਤਸਰ ਦੇ ਪ੍ਰਧਾਨ ਵੱਲੋਂ ਕੀਤੀ ਗਈ। ਰੈਲੀ ਤੋਂ ਬਾਅਦ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਬਸੰਤ ਸਿੰਘ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 18% ਡੀਏ (ਮਹਿੰਗਾਈ ਭੱਤਾ) ਫ੍ਰੀਜ਼ ਕੀਤਾ ਹੋਇਆ ਹੈ ਅਤੇ 200 ਰੁਪਏ ਜਜ਼ੀਆ ਟੈਕਸ (ਪ੍ਰੋਫੈਸ਼ਨਲ ਟੈਕਸ) ਧੱਕੇ ਨਾਲ ਕੱਟਿਆ ਜਾ ਰਿਹਾ ਹੈ। ਆਗੂਆਂ ਨੇ ਆਰੋਪ ਲਾਇਆ ਕਿ 2.59 ਦਾ ਫਾਰਮੂਲਾ ਇਕਸਾਰ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿਕਮੇ ਦੇ ਨਿਯਮਾਂ ਮੁਤਾਬਕ ਪੱਕੀ ਭਰਤੀ ਨਹੀਂ ਕੀਤੀ ਜਾ ਰਹੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਖ਼ਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਪਾਵਰਕਾਮ ਅਧੀਨ ‘ਸਤੌਜ ਮਾਡਲ’ ਲਾਗੂ ਕਰਕੇ ਬਿਜਲੀ ਬੋਰਡ ਦੇ ਪੂਰਨ ਨਿੱਜੀਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਾਰਪੋਰੇਟ ਘਰਾਣਿਆਂ ਨੂੰ ਲਾਈਨਾਂ ਚਲਾਉਣ ਸਮੇਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਆਏ ਫੈਸਲਿਆਂ ਨੂੰ ਲਾਗੂ ਨਾ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾਏ ਜਾ ਰਹੇ ਹਨ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੁਖੀ ਹਿਰਦੇ ਨਾਲ ਕਿਹਾ ਕਿ ਮੁੱਖ ਮੰਤਰੀ ਕੋਲ ਜਥੇਬੰਦੀਆਂ ਨਾਲ ਗੱਲ ਕਰਨ ਦਾ ਸਮਾਂ ਨਹੀਂ ਹੈ ਅਤੇ ਮੁਲਾਜ਼ਮਾਂ ਦੇ ਲਿਖਣ, ਪੜ੍ਹਨ ਤੇ ਬੋਲਣ ਦੇ ਜਮਹੂਰੀ ਹੱਕਾਂ ਨੂੰ ਪੈਰਾਂ ਹੇਠ ਮਸਲਿਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਸਟੇਟ ਕਮੇਟੀ ਦੇ ਸੱਦੇ ’ਤੇ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ’ਚ ਹੁਕਮਰਾਨ ਧਿਰ ਦੇ ਵਿਧਾਇਕਾਂ ਦੇ ਘਰਾਂ ਅੱਗੇ ਘੜੇ ਭੰਨ ਪ੍ਰਦਰਸ਼ਨ ਕੀਤੇ ਜਾਣਗੇ। ਜ਼ੋਨ ਪੱਧਰੀ ਸਾਂਝੀਆਂ ਕਨਵੈਨਸ਼ਨਾਂ ਉਲੀਕੀਆਂ ਜਾਣਗੀਆਂ। ਪਿੰਡਾਂ ਅਤੇ ਸ਼ਹਿਰਾਂ ’ਚ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਸਾਰੇ ਪ੍ਰੋਗਰਾਮਾਂ ਤੋਂ ਬਾਅਦ ਅਕਤੂਬਰ ਮਹੀਨੇ ’ਚ ਪੰਜਾਬ ਪੱਧਰ ਦਾ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਰੈਲੀ ਨੂੰ ਪੈਨਸ਼ਨਰ ਆਗੂ ਜੋਗਿੰਦਰ ਸਿੰਘ ਮੱਲਣ, ਅਮਰਜੀਤ ਪਾਲ ਸ਼ਰਮਾ, ਸ਼ਿਵਦੀਪ ਸਿੰਘ ਬਰਾੜ, ਬਸੰਤ ਸਿੰਘ ਅਤੇ ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਮਨਜਿੰਦਰ ਸਿੰਘ ਤੇ ਰਾਣਾ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਬੂਟਾ ਸਿੰਘ ਹਰਾਜ, ਵਿਜੈ ਕੁਮਾਰ ਸੋਈ, ਬਲਜੀਤ ਸਿੰਘ ਬਰਾੜ, ਬਲਜਿੰਦਰ ਸਿੰਘ ਰਾਜੂ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਅਤੇ ਪੈਨਸ਼ਨਰ ਸਾਥੀ ਹਾਜ਼ਰ ਸਨ।