16 ਨਾਕੇ ਲਾ ਕੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ
ਪੁਲਿਸ ਵੱਲੋਂ “ਗੈਂਗਸਟਰਾਂ ਤੇ ਵਾਰ” ਮੁਹਿੰਮ ਅਧੀਨ 16 ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ
Publish Date: Sat, 25 Apr 2026 06:20 PM (IST)
Updated Date: Sat, 25 Apr 2026 06:22 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਮੁਹਿੰਮ ਚਲਾਈ ਗਈ। ਐੱਸਐੱਸਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਤੱਤਾਂ ’ਤੇ ਸਖ਼ਤ ਨਜ਼ਰ ਰੱਖਣਾ ਸੀ। ਇਸ ਦੌਰਾਨ ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ ’ਚ ਕੁੱਲ 13 ਨਾਕੇ ਲਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ। ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ’ਚ ਨਾਕਾਬੰਦੀ ਕੀਤੀ ਗਈ। ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਅਚਾਨਕ, ਸਰਚ ਮੁਹਿੰਮ ਚਲਾਈ ਗਈ। ਕੁੱਲ 180 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ’ਤੇ ਤਾਇਨਾਤ ਰਹੇ। ਇਸ ਸਪੈਸ਼ਲ ਆਪਰੇਸ਼ਨ ਦੀ ਸੁਪਰਵਿਜ਼ਨ ਐੱਸਪੀ (ਡੀ) ਮਨਮੀਤ ਸਿੰਘ ਢਿੱਲੋਂ ਅਤੇ ਸਬੰਧਿਤ ਸਬ ਡਵੀਜ਼ਨਾਂ ਦੇ ਡੀਐਸਪੀਜ਼ ਬਚਨ ਸਿੰਘ ਡੀਐੱਸਪੀ ਸ੍ਰੀ ਮੁਕਤਸਰ ਸਾਹਿਬ, ਜਤਿੰਦਰ ਸਿੰਘ ਡੀਐੱਸਪੀ ਗਿੱਦੜਬਾਹਾ, ਮਨਮੋਹਨ ਸ਼ਰਨਾ ਡੀਐੱਸਪੀ ਮਲੋਟ ਅਤੇ ਹਰਬੰਸ ਸਿੰਘ ਡੀਐੱਸਪੀ ਲੰਬੀ ਵੱਲੋਂ ਕੀਤੀ ਗਈ ਤਾਂ ਜੋ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਹਰ ਪੱਧਰ ’ਤੇ ਪੂਰੀ ਸਖ਼ਤੀ ਬਣੀ ਰਹੇ। ਬਚਨ ਸਿੰਘ ਡੀਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਅੰਦਰ ਸਿਟੀ ਨੂੰ ਪੂਰਾ ਸੀਲ ਕਰ ਕੇ ਹਰ ਇੱਕ ਵੀਕਲ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਕਿਆਂ ਦੀ ਕੜੀ ਚੈਕਿੰਗ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਪੁਲਿਸ ਜ਼ਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ 80549-42100 ਨੰਬਰ ’ਤੇ ਫੋਨ ਜਾਂ ਵਟਸਐਪ ਕਰ ਸਕਦੇ ਹਨ।