ਫਰੀਦਕੋਟ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਜਾ ਰਿਹਾ ਜਾਗਰੂਕ*

- ਲਗਾਤਾਰ ਨਿਗਰਾਨੀ ਤੇ ਜਾਗਰੂਕਤਾ ਮੀਟਿੰਗਾਂ ਰਾਹੀਂ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ’ਚ ਸਫਲਤਾ ਮਿਲ ਰਹੀ : ਐੱਸਐੱਸਪੀ
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ
ਫਰੀਦਕੋਟ : ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫਰੀਦਕੋਟ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਨ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਅਭਿਆਨ ਤਹਿਤ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸਿਵਲ ਵਿਭਾਗ ਦੇ ਕਲਸਰਟਰ ਅਫਸਰ ਨਾਲ ਮਿਲ ਕੇ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਸਿਹਤ ਅਤੇ ਵਾਤਾਵਰਣ ਸਬੰਧੀ ਗੰਭੀਰ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਕੜੀ ਵਿੱਚ ਜ਼ਿਲ੍ਹਾ ਫਰੀਦਕੋਟ ਦੇ ਸੀਨੀਅਰ ਪੁਲਿਸ ਅਧਿਕਾਰੀ, ਮੁੱਖ ਥਾਣਾ ਇੰਚਾਰਜ, ਚੌਕੀ ਇੰਚਾਰਜ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮਿਲ ਕੇ ਕਈ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਦੌਰਾਨ ਪਿੰਡ ਰੋਮਾਣਾ ਅਜੀਤ ਸਿੰਘ, ਪੱਕਾ, ਅਰਾਈਆ ਵਾਲਾ, ਪਿਪਲੀ, ਬਰਗਾੜੀ, ਮੱਤਾ, ਮੌੜ, ਡੋਡ ਸਮੇਤ ਕਈ ਹੋਰ ਪਿੰਡਾਂ ਦੇ ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਨਾ ਸਿਰਫ਼ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਬਹੁਤ ਖ਼ਤਰਨਾਕ ਹੈ। ਇਸ ਸਬੰਧੀ ਡਾ. ਪ੍ਰਗਿਆ ਜੈਨ ਐੱਸਐੱਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣਾ ਹੈ। ਇਸੇ ਲਈ ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ, ਜੋ ਅੱਗੇ ਵੀ ਲਗਾਤਾਰ ਚੱਲਦੀਆਂ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੂਲ ਉਦੇਸ਼ ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਹਰ ਕਿਸਾਨ ਪ੍ਰਦੂਸ਼ਣ ਘਟਾਉਣ ਵਿੱਚ ਆਪਣਾ ਸਕਾਰਾਤਮਕ ਯੋਗਦਾਨ ਪਾ ਸਕੇ। ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਪਰਾਲੀ ਸਾੜਨ ’ਤੇ ਪੂਰੀ ਤਰ੍ਹਾਂ ਰੋਕ ਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਵਾਤਾਵਰਣ ਸੁੱਚਾ ਰਹੇਗਾ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ।