ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀ ਹੜਤਾਲ ਤੀਜੇ ਦਿਨ ਵਿਚ ਸ਼ਾਮਿਲ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਭਰ ਦੇ ਫਰਦ ਕੇਂਦਰਾਂ ਵਿਚ ਕੰਮ ਕਰ ਰਹੇ ਕੰਪਿਊਟਰ ਡਾਟਾ ਐਂਟਰੀ ਆਪਰੇਟਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਤੀਜੇ ਦਿਨ ਵਿਚ ਪ੍ਰਵੇਸ਼ ਕਰ ਗਈ ਹੈ। ਇਸ ਹੜਤਾਲ ਕਾਰਨ ਫਰਦ ਕੇਂਦਰਾਂ ਵਿਚ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜ਼ਮੀਨ-ਜਾਇਦਾਦ ਨਾਲ ਸਬੰਧਿਤ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਜਾਣਕਾਰੀ ਅਨੁਸਾਰ ਫਰਦ ਕੇਂਦਰਾਂ ਵਿਚ ਮੌਜੂਦਾ ਸਮੇਂ ਕਰੀਬ 807 ਤੋਂ ਵੱਧ ਡਾਟਾ ਐਂਟਰੀ ਆਪਰੇਟਰ ਪਿਛਲੇ 15-18 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ। ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਫਰਦ ਕੇਂਦਰਾਂ ਲਈ ਨਵਾਂ ਮੈਨਪਾਵਰ ਟੈਂਡਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਈ ਗਈ ਹੈ। ਇਸ ਕਾਰਨ ਲਗਭਗ 133 ਕਰਮਚਾਰੀਆਂ ਅਤੇ ਸੇਵਾਦਾਰਾਂ ਦੀਆਂ ਨੌਕਰੀਆਂ ਪ੍ਰਭਾਵਿਤ ਹੋਣ ਦਾ ਖ਼ਤਰਾ ਬਣ ਗਿਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਨਿਰੰਤਰ ਸੇਵਾਵਾਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਨੌਕਰੀ ’ਤੇ ਨਿਰਭਰ ਹੈ। ਜੇਕਰ ਉਨ੍ਹਾਂ ਨੂੰ ਬਾਹਰ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਭਵਿੱਖ ਅਨਿਸ਼ਚਿਤ ਹੋ ਜਾਵੇਗਾ। ਇਸੇ ਰੋਸ ਵਜੋਂ ਸਾਰੇ ਪੰਜਾਬ ਦੇ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕੀਤੇ ਜਾਣ ਦਾ ਮਾਮਲਾ ਵੀ ਜਥੇਬੰਦੀ ਵੱਲੋਂ ਉਠਾਇਆ ਗਿਆ ਹੈ। ਜਥੇਬੰਦੀ ਨੇ ਦੱਸਿਆ ਕਿ ਇਸ ਸੰਬੰਧ ਵਿਚ ਉੱਚ ਅਧਿਕਾਰੀਆਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਅਤੇ ਬਹਾਲੀ ਦਾ ਭਰੋਸਾ ਵੀ ਮਿਲਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਹੜਤਾਲ ਕਾਰਨ ਫਰਦ ਕੇਂਦਰਾਂ ਵਿਚ ਜ਼ਮੀਨ ਨਾਲ ਸਬੰਧਿਤ ਕੰਮਾਂ ਲਈ ਆਏ ਲੋਕਾਂ ਨੂੰ ਵੱਡੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਤਕਾਲ, ਫਰਦਾਂ ਦੀ ਪ੍ਰਿੰਟਿੰਗ ਅਤੇ ਹੋਰ ਆਨਲਾਈਨ ਸੇਵਾਵਾਂ ਪੂਰੀ ਤਰ੍ਹਾਂ ਠੱਪ ਪਈਆਂ ਹਨ। ਇਸ ਮੌਕੇ ਪਟਵਾਰ ਯੂਨੀਅਨ ਤਹਿਸੀਲ ਜੈਤੋ ਦੇ ਪ੍ਰਧਾਨ ਪੁਨੀਤ ਜਿੰਦਲ ਨੇ ਕਿਹਾ ਕਿ ਪਟਵਾਰੀਆਂ ਅਤੇ ਫਰਦ ਕੇਂਦਰਾਂ ਵਿਚਕਾਰ ਲੰਮੇ ਸਮੇਂ ਤੋਂ ਕੰਮਕਾਜੀ ਸੰਬੰਧ ਹਨ। ਫਰਦ ਕੇਂਦਰਾਂ ਵਿਚ ਇੰਤਕਾਲ ਪ੍ਰਿੰਟਿੰਗ ਅਤੇ ਰਿਕਾਰਡ ਸੰਬੰਧੀ ਕੰਮ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਡਾਟਾ ਆਨਲਾਈਨ ਹੋਣ ਕਾਰਨ ਪੁਰਾਣੇ ਰਿਕਾਰਡ ਤੱਕ ਪਹੁੰਚ ਵਿਚ ਵੀ ਲੋਕਾਂ ਨੂੰ ਦਿੱਕਤ ਆ ਰਹੀ ਹੈ, ਜਿਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਰੇਟਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਇਸ ਮੌਕੇ ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਮਨਦੀਪ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਅਤੇ ਬਰਖਾਸਤ ਕਰਮਚਾਰੀ ਲਵਪ੍ਰੀਤ ਸਿੰਘ ਨੂੰ ਬਹਾਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਕੱਤਰ ਲਖਵਿੰਦਰ ਸਿੰਘ, ਸੁਪਰਵਾਈਜ਼ਰ ਰਾਮਪ੍ਰੀਤ ਸਿੰਘ ਬੁਰਜ ਹਰੀਕਾ, ਮੀਤ ਪ੍ਰਧਾਨ ਸੰਦੀਪ ਸਿੰਘ, ਸੁਰਿੰਦਰ ਸਿੰਘ ਸਾਦਿਕ, ਸਲਾਹਕਾਰ ਬਲਬਹਾਦਰ ਸਿੰਘ, ਅਨੀਤਾ ਰਾਣੀ, ਜਸਕਰਨ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ। ਜਥੇਬੰਦੀ ਨੇ ਸਾਂਝੇ ਤੌਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।