ਚੇਤਨਾ ਯਾਤਰਾ ਰਾਹੀਂ ਕਿਸਾਨਾਂ ਨੂੰ ਅੱਗ ਮੁਕਤ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਵਾਤਾਵਰਣ ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੱਢੀ ਗਈ ਦਸ ਰੋਜ਼ਾ ‘ਪਰਾਲੀ ਸੰਭਾਲ ਚੇਤਨਾ ਯਾਤਰਾ’ ਦੌਰਾਨ ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਦੇ 60 ਪਿੰਡਾਂ ਵਿਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਨੂੰ ਅੱਗ ਮੁਕਤ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਇਸ ਯਾਤਰਾ ਦੌਰਾਨ 2000 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਸੰਭਾਲ, ਕੁਦਰਤੀ ਖੇਤੀ ਅਤੇ ਬਹੁਫ਼ਸਲੀ ਪ੍ਰਣਾਲੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਇਸ ਚੇਤਨਾ ਯਾਤਰਾ ਨੂੰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਤੋਂ ਸਟੇਟ ਕਮਿਸ਼ਨ ਫਾਰ ਐਗਰੀਕਲਚਰਲ ਕਾਸਟ ਐਂਡ ਪ੍ਰਾਈਸਿਸ ਮਹਾਰਾਸ਼ਟਰ ਦੇ ਚੇਅਰਮੈਨ ਪਾਸ਼ਾ ਪਟੇਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਆਦਰਸ਼ ਪਾਲ ਵਿੱਗ ਅਤੇ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਟੇਟ ਕਮਿਸ਼ਨ ਫਾਰ ਐਗਰੀਕਲਚਰਲ ਕਾਸਟ ਐਂਡ ਪ੍ਰਾਈਸਿਸ ਮਹਾਰਾਸ਼ਟਰ ਦੇ ਚੇਅਰਮੈਨ ਪਾਸ਼ਾ ਪਟੇਲ ਨੇ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੁਦਰਤੀ ਖੇਤੀ, ਵਾਤਾਵਰਣ ਸੰਭਾਲ ਅਤੇ ਕਿਸਾਨ ਜਾਗਰੂਕਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਨੂੰ ਵੀ ਗੰਭੀਰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਯਾਤਰਾ ਕਿਸਾਨਾਂ ਵਿਚ ਅੱਗ ਮੁਕਤ ਪਰਾਲੀ ਪ੍ਰਬੰਧਨ ਪ੍ਰਤੀ ਨਵੀਂ ਸੋਚ ਅਤੇ ਚੇਤਨਾ ਪੈਦਾ ਕਰੇਗੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਆਦਰਸ਼ ਪਾਲ ਵਿੱਗ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਰੀਬ 90 ਫ਼ੀਸਦੀ ਤੱਕ ਕਮੀ ਦਰਜ ਕੀਤੀ ਗਈ ਹੈ, ਜੋ ਕਿ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਕਾਰਾਤਮਕ ਨਤੀਜਿਆਂ ਪਿੱਛੇ ਖੇਤੀ ਵਿਰਾਸਤ ਮਿਸ਼ਨ ਵਰਗੀਆਂ ਸਮਾਜਿਕ ਅਤੇ ਖੇਤੀਬਾੜੀ ਸੰਸਥਾਵਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ, ਜੋ ਲਗਾਤਾਰ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਨਿਰਦੇਸ਼ਕ ਸੌਰਭ ਸੈਣੀ ਨੇ ਦੱਸਿਆ ਕਿ ਆਰ.ਈ.ਸੀ. ਫਾਊਂਡੇਸ਼ਨ ਦੇ ਸਹਿਯੋਗ ਨਾਲ ਕੱਢੀ ਗਈ ਇਹ ਯਾਤਰਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਪਿੰਡਾਂ ਵਿਚੋਂ ਗੁਜ਼ਰੀ। ਹਰ ਪਿੰਡ ਵਿਚ ਕਿਸਾਨ ਸਭਾਵਾਂ ਆਯੋਜਿਤ ਕਰਕੇ ਕਿਸਾਨਾਂ ਨਾਲ ਅੱਗ ਮੁਕਤ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ ਅਤੇ ਰਸਾਇਣਕ ਖਾਦਾਂ ’ਤੇ ਖ਼ਰਚ ਵੀ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੁਦਰਤੀ ਖੇਤੀ, ਘਰੇਲੂ ਬਗੀਚੀ ਅਤੇ ਮਿਲਟ ਦੀ ਬਿਜਾਈ ਬਾਰੇ ਵੀ ਜਾਣਕਾਰੀ ਦਿੱਤੀ ਗਈ। ਯਾਤਰਾ ਦੌਰਾਨ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਨਿਕਲ ਕੇ ਨਰਮਾ, ਕਪਾਹ, ਮਿਲਟ, ਦਾਲਾਂ ਅਤੇ ਹੋਰ ਬਹੁਫਸਲੀ ਪ੍ਰਣਾਲੀ ਵੱਲ ਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਬਹੁਫ਼ਸਲੀ ਖੇਤੀ ਨਾਲ ਜ਼ਮੀਨ ਦੀ ਸਿਹਤ ਸੁਧਰਦੀ ਹੈ, ਪਾਣੀ ਦੀ ਬਚਤ ਹੁੰਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋ ਸਕਦਾ ਹੈ। ਇਸ ਯਾਤਰਾ ਦੌਰਾਨ ਸੰਜੀਵ ਸ਼ਰਮਾ, ਸੌਰਭ ਸੈਣੀ, ਗੋਰਾ ਸਿੰਘ, ਰਮੇਸ਼ ਮਾਂਡੀਆ ਅਤੇ ਸਰਬਜੀਤ ਕੌਰ ਨੇ ਵੱਖ-ਵੱਖ ਵਿਸ਼ਿਆਂ ’ਤੇ ਕਿਸਾਨਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਿਸਾਨਾਂ ਨੇ ਯਾਤਰਾ ਦੌਰਾਨ ਉਠਾਏ ਗਏ ਮੁੱਦਿਆਂ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕਿਸਾਨਾਂ ਨੇ ਕਿਹਾ ਕਿ ਆਮ ਤੌਰ ’ਤੇ ਸਰਕਾਰੀ ਖੇਤੀ ਅਦਾਰੇ ਪਰਾਲੀ ਦੇ ਸੀਜ਼ਨ ਦੌਰਾਨ ਹੀ ਜਾਗਰੂਕਤਾ ਮੁਹਿੰਮ ਚਲਾਉਂਦੇ ਹਨ, ਜਦਕਿ ਖੇਤੀ ਵਿਰਾਸਤ ਮਿਸ਼ਨ ਵੱਲੋਂ ਝੋਨੇ ਦੀ ਬਿਜਾਈ ਤੋਂ ਪਹਿਲਾਂ ਹੀ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਕਿਸਾਨਾਂ ਨੂੰ ਸਮੇਂ ਸਿਰ ਸਹੀ ਦਿਸ਼ਾ ਮਿਲ ਸਕੇਗੀ।