ਦੁੱਨੇਕੇ ’ਚ ਕਿਸਾਨਾਂ ਨੇ ਕੀਤਾ ਰੋਸ ਮੁਜ਼ਾਹਰਾ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ
Publish Date: Sat, 16 May 2026 04:29 PM (IST)
Updated Date: Sun, 17 May 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਪਿੰਡ ਦੁੱਨੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੇ ਗਵਰਨਰ ਦੀਆਂ ਅਰਥੀਆਂ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਨਾਲ ਹੋ ਰਹੇ ਧੱਕਿਆਂ ਦਾ ਵਿਰੋਧ ਕੀਤਾ। ਪੁਤਲਾ ਫੂਕ ਪ੍ਰੋਗਰਾਮ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਲੰਡੇਕੇ ਅਤੇ ਪ੍ਰਧਾਨ ਸੁਰਜੀਤ ਸਿੰਘ ਦੁੱਨੇਕੇ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 15 ਮਈ ਨੂੰ ਮੁਹਾਲੀ ਦੇ ਨੇਚਰ ਪਾਰਕ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਸੀ। ਇਸ ਰੈਲੀ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣਾ ਅਤੇ ਪਾਣੀਆਂ ਨਾਲ ਸਬੰਧਤ ਹੋਰ ਮੰਗਾਂ ਮਨਵਾਉਣਾ ਸੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਜਦੋਂ ਰੈਲੀ ਤੋਂ ਬਾਅਦ ਕਿਸਾਨਾਂ ਨੇ ਰਾਜ ਭਵਨ ਵੱਲ ਮਾਰਚ ਸ਼ੁਰੂ ਕੀਤਾ ਅਤੇ ਜਿਵੇਂ ਹੀ ਮਾਰਚ ਚੰਡੀਗੜ੍ਹ ਦੀ ਹੱਦ ਵਿਚ ਦਾਖ਼ਲ ਹੋਇਆ ਤਾਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜਲ ਤੋਪਾਂ ਰਾਹੀਂ ਤੇਜ਼ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਪਤਾਨ ਸਿੰਘ, ਭੁਪਿੰਦਰ ਸਿੰਘ, ਕਰਨੈਲ ਸਿੰਘ, ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।